All farmers’ protest sites in Punjab have been called off; the next course of action will be decided after the meeting on the 24th
ਪੰਜਾਬ ‘ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਕਿਸਾਨ-ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਵੀਰਵਾਰ ਨੂੰ ਪੰਜਾਬ ਦੇ 5 ਸਥਾਨਾਂ ’ਤੇ ਦੁਪਹਿਰ 12 ਵਜੇ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ, ਜੋ ਕਰੀਬ 6 ਘੰਟੇ ਚੱਲਣ ਤੋਂ ਬਾਅਦ ਸ਼ਾਮ 6 ਵਜੇ ਸਮਾਪਤ ਹੋ ਗਿਆ। ਕਿਸਾਨ ਮਜ਼ਦੂਰ ਮੋਰਚਾ ਦੀਆਂ ਪ੍ਰਮੁੱਖ ਮੰਗਾਂ ’ਚ 5 ਫ਼ਸਲਾਂ ਲਈ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣਾ, ਸ਼ੰਭੂ-ਖਨੌਰੀ ਮੋਰਚੇ ਨਾਲ ਸਬੰਧਿਤ ਪੂਰੇ ਮਾਮਲੇ ਦਾ ਹੱਲ ਅਤੇ ਕਰੀਬ 23 ਸੂਤਰੀ ਮੰਗ-ਪੱਤਰ ਸ਼ਾਮਲ ਹੈ। ਇਨ੍ਹਾਂ ਸਾਰੇ ਮੁੱਦਿਆਂ ’ਤੇ 24 ਸਤੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਨਾਲ ਹੋਣ ਵਾਲੀ ਮੀਟਿੰਗ ’ਚ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦੇ ਨਤੀਜੇ ਅਤੇ ਸਰਕਾਰ ਦੇ ਰੁਖ਼ ਦੇ ਆਧਾਰ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਕਿਹਾ ਕਿ ਸਰਕਾਰ ਨਾਲ ਹੋਈ ਗੱਲਬਾਤ ਤੇ 24 ਸਤੰਬਰ ਨੂੰ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਲਈ ਬਣੀ ਸਹਿਮਤੀ ਦੇ ਮੱਦੇਨਜ਼ਰ ਸਾਰੇ ਮੋਰਚੇ ਸਮਾਪਤ ਕੀਤੇ ਗਏ ਹਨ। 24 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਸਰਕਾਰ ਦੇ ਰੁਖ਼ ਤੇ ਮੰਗਾਂ ’ਤੇ ਹੋਈ ਗੱਲਬਾਤ ਦੇ ਆਧਾਰ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕਾਂ ’ਤੇ ਧਰਨਾ ਦਿੱਤਾ। ਰੇਲ ਰੋਕੋ ਅੰਦੋਲਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਪਠਾਨਕੋਟ ਦੇ ਚਾਖੂ ਲਾੜੀ ਰੇਲਵੇ ਫਾਟਕ, ਮੋਗਾ ਦੇ ਡਗਰੂ, ਫ਼ਿਰੋਜ਼ਪੁਰ ਦੇ ਮੱਲਾਂਵਾਲਾ ਅਤੇ ਸੰਗਰੂਰ ਦੇ ਸੁਨਾਮ ਵਿਖੇ ਕੀਤਾ ਗਿਆ। ਰੇਲ ਰੋਕੋ ਅੰਦੋਲਨ ਦੇ ਐਲਾਨ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦੀ ਪਹਿਲ ਕੀਤੀ ਗਈ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਨੇੜੇ ਪਿੰਡ ਵਡਾਲਾ ਵਿਖੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰ ਸਿੰਘ, ਐੱਸ.ਐੱਸ.ਪੀ. ਅੰਮ੍ਰਿਤਸਰ ਕੰਵਲਜੀਤ ਸਿੰਘ, ਏ.ਆਈ.ਜੀ. ਹਰਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਬਾਬਾ ਗੁਰਬਚਨ ਸਿੰਘ ਚੱਬਾ ਤੇ ਸਤਨਾਮ ਸਿੰਘ ਮਾਨੋਚਾਹਲ ਸਮੇਤ ਕਿਸਾਨ ਆਗੂਆਂ ਦੇ ਵਫ਼ਦ ਦੀ ਕਰੀਬ 3 ਘੰਟੇ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰੀ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨੂੰ ਸਪੱਸ਼ਟ ਭਰੋਸੇ ਦਿੱਤੇ ਗਏ, ਜਿਨ੍ਹਾਂ ’ਚ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣਾ ਸ਼ਾਮਲ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਭਰੋਸਾ ਦਿੱਤਾ ਗਿਆ ਕਿ ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਹਰੇਕ ਯੋਗ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਅਤੇ ਹਰੇਕ ਯੋਗ ਖੇਤ ਮਜ਼ਦੂਰ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਇਕ ਮਹੀਨੇ ਅੰਦਰ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਬਕਾਇਆ ਮੁਆਵਜ਼ੇ ਤੇ ਲਟਕੀਆਂ ਸਰਕਾਰੀ ਨੌਕਰੀਆਂ ਨਾਲ ਸਬੰਧਿਤ ਮਾਮਲਿਆਂ ਦਾ ਇਕ ਮਹੀਨੇ ਅੰਦਰ ਨਿਪਟਾਰਾ ਕੀਤਾ ਜਾਵੇਗਾ। ਕਿਸਾਨਾਂ ਤੇ ਮਜ਼ਦੂਰਾਂ ਖ਼ਿਲਾਫ਼ ਪਰਾਲੀ ਸਾੜਨ, ਪੁਲਸ ਤੇ ਰੇਲਵੇ ਨਾਲ ਸਬੰਧਿਤ ਦਰਜ ਮਾਮਲਿਆਂ ਦੇ ਨਿਪਟਾਰੇ ਬਾਰੇ 24 ਸਤੰਬਰ ਦੀ ਮੀਟਿੰਗ ’ਚ ਵਿਚਾਰ ਕਰ ਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਭਰੋਸਿਆਂ ਤੋਂ ਬਾਅਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਖ਼ੁਦ ਮੰਚ ’ਤੇ ਆਏ ਤੇ ਕਿਸਾਨਾਂ-ਮਜ਼ਦੂਰਾਂ ਸਾਹਮਣੇ ਸਰਕਾਰ ਵੱਲੋਂ ਦਿੱਤੇ ਗਏ ਭਰੋਸਿਆਂ ਬਾਰੇ ਸਪੱਸ਼ਟ ਤੌਰ ’ਤੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਜ਼ੂਮ ਮੀਟਿੰਗ ਕਰ ਕੇ ਪੂਰੇ ਪੰਜਾਬ ’ਚ ਚੱਲ ਰਹੇ ਅੰਦੋਲਨ ਦੀ ਸਮੀਖਿਆ ਕੀਤੀ। ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਦਿੱਤੇ ਗਏ ਭਰੋਸਿਆਂ ਨੂੰ ਦੇਖਦਿਆਂ ਪੰਜਾਂ ਥਾਵਾਂ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਤੇ ਮੰਤਰੀਆਂ ਦੇ ਘਰਾਂ ਸਾਹਮਣੇ ਚੱਲ ਰਹੇ ਮੋਰਚੇ ਵੀਰਵਾਰ ਨੂੰ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ।

