Amarnath Yatra from Jammu postponed due to bad weather and low number of pilgrims
ਖਰਾਬ ਮੌਸਮ ਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਜੰਮੂ ਤੋਂ ਅਮਰਨਾਥ ਯਾਤਰਾ ਮੁਲਤਵੀ
ਜੰਮੂ (ਆਵਾਜ਼ਿ ਕੌਮ ਬਿਊਰੋ)- ਖ਼ਰਾਬ ਹੋ ਰਹੇ ਮੌਸਮ, ਅਗਲੇ ਕੁਝ ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਅਤੇ ਸ਼ਰਧਾਲੂਆਂ ਦੀ ਗਿਣਤੀ ਵਿਚ ਆ ਰਹੀ ਕਮੀ ਦੇ ਮੱਦੇਨਜ਼ਰ ਜੰਮੂ ਤੋਂ ਅਮਰਨਾਥ ਯਾਤਰਾ ਮੁਅੱਤਲ ਕਰ ਦਿੱਤੀ ਗਈ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਭਗਵਤੀ ਨਗਰ ਬੇਸ ਕੈਂਪ ਤੋਂ ਕਸ਼ਮੀਰ ਘਾਟੀ ਲਈ ਕਿਸੇ ਵੀ ਨਵੇਂ ਜਥੇ ਨੂੰ ਰਵਾਨਾ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰਸ਼ਾਸਨ ਵਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪ੍ਰਸ਼ਾਸਨ ਮੌਸਮ ਅਤੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੀ ਸਥਿਤੀ ਦੇ ਆਧਾਰ ‘ਤੇ ਸ਼ਰਧਾਲੂਆਂ ਦੀ ਆਵਾਜਾਈ ਦੀ ਸਮੀਖਿਆ ਕਰੇਗਾ। 3 ਜੁਲਾਈ ਨੂੰ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 4.75 ਲੱਖ ਤੋਂ ਵੱਧ ਸ਼ਰਧਾਲੂ ਅਮਰਨਾਥ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਇਹ ਯਾਤਰਾ 28 ਅਗਸਤ ਨੂੰ ਸਮਾਪਤ ਹੋਵੇਗੀ। ਸਥਾਨਕ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ਅਨੁਸਾਰ 11 ਅਗਸਤ ਤੱਕ ਜੰਮੂ ਖੇਤਰ ਦੇ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਉਮੀਦ ਹੈ, ਜਿਸ ਨਾਲ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਬਾਵਜੂਦ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰਹੀ।

