Amit Shah met with Parvinder Jhota’s family and assured them of justice
ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦੁਆਇਆ। ਅਮਿਤ ਸ਼ਾਹ ਨਾਲ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ 12 ਵਜੇ ਤੱਕ ਸੀ. ਬੀ. ਆਈ. ਦੇ ਅਫ਼ਸਰ ਪਰਿਵਾਰ ਕੋਲੋਂ ਦਸਤਾਵੇਜ਼ ਲੈਣਗੇ ਅਤੇ ਪਰਿਵਾਰ ਤੋਂ ਡਿਟੇਲ ਲੈ ਕੇ ਕਾਰਵਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਇਸ ਕਤਲਕਾਂਡ ਦੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਉਨ੍ਹਾਂ ਨੇ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ। ਅਮਿਤ ਸ਼ਾਹ ਨੇ ਬਟਾਲਾ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਸੀ।

