Amit Shah will visit Punjab on October 20
20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ
ਚੰਡੀਗੜ੍ਹ/ਲੁਧਿਆਣਾ (ਆਵਾਜ਼ਿ ਕੌਮ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਆਪਣੀ ਪੋਸਟ ‘ਚ ਰਵਨੀਤ ਬਿੱਟੂ ਨੇ ਲਿਖਿਆ ਕਿ ਪੰਜਾਬ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਾ ਹੈ। ਅੱਜ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਨਸ਼ਿਆਂ ਦੇ ਖ਼ਾਤਮੇ, ਸਾਡੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਦ੍ਰਿੜ੍ਹ ਇੱਛਾ-ਸ਼ਕਤੀ, ਮਜ਼ਬੂਤ ਅਗਵਾਈ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਲੋਕਾਂ ਦਾ ਭਰੋਸਾ ਅਤੇ ਸਮਰਥਨ ਗੁਆ ਚੁੱਕੀ ਹੈ। ਉਨ੍ਹਾਂ ਪੰਜਾਬ ਦੇ ਹਰ ਵਸਨੀਕ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਿਤ ਸ਼ਾਹ ਜੀ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸਾਂਝੇ ਸੰਕਲਪ ‘ਚ ਵਿਸ਼ਵਾਸ ਰੱਖਣ। ਆਓ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਭਵਿੱਖ ਨੂੰ ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਇਕਜੁੱਟ ਹੋਈਏ! ਜਾਣਕਾਰੀ ਮੁਤਾਬਤ ਇਸ ਦੌਰੇ ਦੌਰਾਨ ਅਮਿਤ ਸ਼ਾਹ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ (ਐਂਟੀ-ਡਰੱਗ ਐਕਟਿਵਿਸਟ) ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਮਾਨਸਾ ਦੇ ਦੌਰੇ ਤੋਂ ਬਾਅਦ ਉਹ ਗੁਰਦਾਸਪੁਰ ਵੀ ਜਾਣਗੇ। ਦੱਸ ਦੇਈਏ ਕਿ ਮਾਨਸਾ ‘ਚ 13 ਅਕਤੂਬਰ ਨੂੰ ਨਸ਼ੇ ਦਾ ਵਿਰੋਧ ਕਰਨ ‘ਤੇ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਦੋ ਦਿਨ ਬਾਅਦ, 15 ਅਕਤੂਬਰ ਦੀ ਰਾਤ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਖੇਤਰ ਦੇ ਮਾੜੀ ਪੰਨਵਾਂ ਪਿੰਡ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਵਿਕਰਮਜੀਤ ਸਿੰਘ ਦੀ ਵੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਮਿਤ ਸ਼ਾਹ ਦਾ 20 ਦਿਨਾਂ ‘ਚ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਆਏ ਸਨ, ਜਿੱਥੇ ਉਨ੍ਹਾਂ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਨ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ। ਉਸ ਸਮੇਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਭਾਜਪਾ ਸਰਕਾਰ ਬਣਨ ‘ਤੇ ਪੰਜਾਬ ਨੂੰ 31 ਦਸੰਬਰ 2029 ਤੱਕ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।

