“No Threat to Amritpal Singh’s Lok Sabha Membership Due to Absence
“ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਗੈਰ-ਹਾਜ਼ਰੀ ਕਾਰਨ ਕੋਈ ਖ਼ਤਰਾ ਨਹੀਂ – ਕੇਂਦਰ ਸਰਕਾਰ”

24 ਮਾਰਚ 2026 ਚੰਡੀਗੜ੍ਹ – ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਲੈ ਕੇ ਚੱਲ ਰਹੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਲਿਖਤੀ ਜਵਾਬ ਦਾਖਲ ਕੀਤਾ ਹੈ। ਕੇਂਦਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਸਦਨ ਵਿੱਚ ਗੈਰ-ਹਾਜ਼ਰੀ ਕਾਰਨ ਅੱਜ ਤੱਕ 60 ਦਿਨ ਹੋ ਗਏ ਹਨ, ਪਰ ਇਸ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਨਹੀਂ ਹੋਈ ਅਤੇ ਇਸ ਨੂੰ ਕੋਈ ਖ਼ਤਰਾ ਨਹੀਂ ਹੈ।
ਕੇਂਦਰ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਆਪਣੀ ਗੈਰ-ਹਾਜ਼ਰੀ ਲਈ ਕਿਸੇ ਵੀ ਸੰਸਦ ਮੈਂਬਰ ਰਾਹੀਂ ਅਰਜ਼ੀ ਦੇ ਸਕਦੇ ਹਨ ਅਤੇ ਉਹ ਅਰਜ਼ੀ ਮਨਜ਼ੂਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰ ਨੇ ਇਹ ਵੀ ਕਿਹਾ ਕਿ ਲੋਕ ਸਭਾ ਦੀਆਂ ਬੈਠਕਾਂ ਵਿੱਚ ਗੈਰ-ਹਾਜ਼ਰੀ ਲਈ ਮੌਜੂਦਾ ਨਿਯਮਾਂ ਅਨੁਸਾਰ ਹੀ ਕਾਰਵਾਈ ਹੋਵੇਗੀ।
ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ, ਕੇਂਦਰ ਸਰਕਾਰ ਅਤੇ ਲੋਕ ਸਭਾ ਸੈਕਟਰੀਏਟ ਵੱਲੋਂ ਪੇਸ਼ ਕੀਤੀਆਂ ਗਈਆਂ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਤੋਂ ਬਾਅਦ ਫੈਸਲਾ ਆਉਣ ਦੀ ਉਮੀਦ ਹੈ।
ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤੇ ਸਨ, ਪਰ ਉਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਸਦਨ ਵਿੱਚ ਗੈਰ-ਹਾਜ਼ਰ ਹਨ। ਇਸ ਮਾਮਲੇ ਨੇ ਪੰਜਾਬ ਵਿੱਚ ਰਾਜਨੀਤਕ ਚਰਚਾ ਛੇੜ ਦਿੱਤੀ ਹੈ।
