Amritsar: Student takes drastic step after being distressed by teacher’s remark
ਅੰਮ੍ਰਿਤਸਰ: ਅਧਿਆਪਕਾ ਦੀ ਟਿੱਪਣੀ ਤੋਂ ਪਰੇਸ਼ਾਨ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਅੰਮ੍ਰਿਤਸਰ ਦੇ ਇਕ ਨਿੱਜੀ ਸਕੂਲ ਦੀ 15 ਸਾਲਾ ਵਿਦਿਆਰਥਣ ਵੱਲੋਂ ਘਰ ’ਚ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਛਾਣ ਕੋਮਲ (15) ਵਜੋਂ ਹੋਈ ਹੈ। ਦੂਜੇ ਪਾਸੇ ਪਰਿਵਾਰ ਨੇ ਦੋਸ਼ ਲਾਇਆ ਕਿ ਅਧਿਆਪਕਾਂ ਵੱਲੋਂ ਵਿਦਿਆਰਥਣ ਦੇ ਚਰਿੱਤਰ ਸਬੰਧੀ ਕਥਿਤ ਤੌਰ ’ਤੇ ਗਲਤ ਅਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਵਿਦਿਆਰਥਣ ਨੇ ਇਨ੍ਹਾਂ ਟਿੱਪਣੀਆਂ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਸਕੂਲ ਪ੍ਰਬੰਧਨ ਵੱਲੋਂ ਉਸ ਨੂੰ ਰਸਟਿਕੇਟ ਕਰ ਦਿੱਤਾ ਗਿਆ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਬੇਹੱਦ ਪ੍ਰੇਸ਼ਾਨ ਹੋ ਗਈ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਦੀ ਕੁੜੀ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਪੁਲਸ ਵੱਲੋਂ ਅਧਿਆਪਕਾਂ ’ਤੇ ਕਾਰਵਾਈ ਨਾ ਕਰਨ ਦੇ ਰੋਸ ’ਚ ਪਰਿਵਾਰ ਵੱਲੋਂ ਸਕੂਲ ਦੇ ਬਾਹਰ ਕੁੜੀ ਦੀ ਲਾਸ਼ ਰੱਖ ਕੇ ਧਰਨਾ ਦਿੱਤਾ ਗਿਆ ਅਤੇ ਸਬੰਧਤ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਧਰਨੇ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਬੇਟੀ ਦੀ ਮੌਤ ਦੇ ਮਾਮਲੇ ’ਚ ਪੂਰੀ ਅਤੇ ਨਿਰਪੱਖ ਜਾਂਚ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ’ਚ ਵਿਦਿਆਰਥਣ ਨਾਲ ਕਿਸੇ ਤਰ੍ਹਾਂ ਦੀ ਕਥਿਤ ਬਦਸਲੂਕੀ ਜਾਂ ਅਪਮਾਨਜਨਕ ਵਿਵਹਾਰ ਹੋਇਆ ਹੈ ਤਾਂ ਇਸ ਦੀ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਮਕਬੂਲਪੁਰਾ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਦੇ ਆਧਾਰ ’ਤੇ ਸਬੰਧਤ ਅਧਿਆਪਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਨ ਦੀ ਜਾਣਕਾਰੀ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਨਾਲ ਸਬੰਧਤ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਘਟਨਾ ਦੇ ਵੱਖ-ਵੱਖ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

