An alarm bell for the public! Health Department issues advisory regarding serious illnesses
ਲੋਕਾਂ ਲਈ ਖ਼ਤਰੇ ਦੀ ਘੰਟੀ! ਸਿਹਤ ਵਿਭਾਗ ਨੇ ਗੰਭੀਰ ਬੀਮਾਰੀਆਂ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਚੰਡੀਗੜ੍ਹ ’ਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਸ਼ਹਿਰ ’ਚ ਹੁਣ ਤੱਕ ਡੇਂਗੂ ਦੇ 26 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਲੋਕਾਂ ਨੂੰ ਆਪਣੇ ਘਰਾਂ, ਛੱਤਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਖੜ੍ਹੇ ਪਾਣੀ ‘ਚ ਮੱਛਰ ਪੈਦਾ ਹੋ ਸਕਦੇ ਹਨ। ਸਿਹਤ ਵਿਭਾਗ ਅਨੁਸਾਰ ਮੀਂਹ ਤੋਂ ਬਾਅਦ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਕਰਨੀ ਚਾਹੀਦੀ ਹੈ। ਪਾਣੀ ਦੀਆਂ ਟੈਂਕੀਆਂ ਅਤੇ ਭਾਂਡਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਕੂਲਰਾਂ ਅਤੇ ਪਾਣੀ ਵਾਲੇ ਹੋਰ ਭਾਂਡਿਆਂ ਨੂੰ ਹਫ਼ਤੇ ‘ਚ ਘੱਟੋ-ਘੱਟ ਇੱਕ ਵਾਰ ਖ਼ਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਅਤੇ ਸੁਕਾਉਣਾ ਜ਼ਰੂਰੀ ਹੈ। ਇਸੇ ਤਰ੍ਹਾਂ ਫਰਿੱਜ ਦੇ ਪਿੱਛੇ ਲੱਗੀ ਪਾਣੀ ਇਕੱਠਾ ਕਰਨ ਵਾਲੀ ਟਰੇਅ ਦੀ ਵੀ ਨਿਯਮਿਤ ਸਫ਼ਾਈ ਕਰਨੀ ਚਾਹੀਦੀ ਹੈ। ਘਰਾਂ ’ਚ ਪੰਛੀਆਂ ਅਤੇ ਪਾਲਤੂ ਜਾਨਵਰਾਂ ਲਈ ਰੱਖੇ ਪਾਣੀ ਦੇ ਭਾਂਡਿਆਂ ਨੂੰ ਸਾਫ਼ ਕਰਕੇ ਹਰ ਹਫ਼ਤੇ ਪਾਣੀ ਬਦਲਣਾ ਚਾਹੀਦਾ ਹੈ। ਲੋਕਾਂ ਨੂੰ ਟੁੱਟੇ ਬਰਤਨ, ਖ਼ਾਲੀ ਬੋਤਲਾਂ, ਗਮਲੇ, ਪੁਰਾਣੇ ਟਾਇਰ ਅਤੇ ਨਾਰੀਅਲ ਦੇ ਖੋਲ੍ਹ ਖੁੱਲ੍ਹੀਆਂ ਥਾਵਾਂ ’ਤੇ ਇਕੱਠੇ ਨਹੀਂ ਹੋਣ ਦੇਣੇ ਚਾਹੀਦੇ। ਮੱਛਰਾਂ ਤੋਂ ਬਚਣ ਲਈ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੇ ਸਾਧਨਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਘਰਾਂ ਦੇ ਦਰਵਾਜ਼ਿਆਂ ਅਤੇ ਖਿੜਕੀਆਂ ’ਤੇ ਜਾਲੀਆਂ ਲਗਾਉਣੀਆਂ ਚਾਹੀਦੀਆਂ ਹਨ। ਛੋਟੇ ਬੱਚਿਆਂ ਅਤੇ ਨਵਜੰਮੇ ਬੱਚਿਆਂ ਨੂੰ ਦਿਨ ਵੇਲੇ ਵੀ ਮੱਛਰਦਾਨੀ ਵਿੱਚ ਰੱਖਣਾ ਚਾਹੀਦਾ ਹੈ। ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਬੁਖ਼ਾਰ ਹੋਣ ’ਤੇ ਲਾਪਰਵਾਹੀ ਨਾ ਵਰਤੀ ਜਾਵੇ ਤੇ ਨੇੜਲੇ ਸਿਹਤ ਕੇਂਦਰ ’ਚ ਜਾਂਚ ਕਰਵਾਈ ਜਾਵੇ।

