Another major incident in Amritsar; delivery boy shot dead near police station
ਅੰਮ੍ਰਿਤਸਰ ‘ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣਾ ਖੇਤਰ ਅਧੀਨ ਆਉਂਦੀ ਕੋਟ ਖਾਲਸਾ ਪੁਲਸ ਚੌਕੀ ਤੋਂ ਮਹਿਜ਼ ਕਰੀਬ 50 ਕਦਮ ਦੀ ਦੂਰੀ ’ਤੇ ਵੀਰਵਾਰ ਰਾਤ ਇੱਕ 25 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਰਾਤ ਕਰੀਬ 10:50 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ, ਜੋ ਜੋਮੈਟੋ ਵਿੱਚ ਡਿਲੀਵਰੀ ਦਾ ਕੰਮ ਕਰਦਾ ਸੀ। ਗੋਲੀ ਲੱਗਣ ਤੋਂ ਬਾਅਦ ਗੰਭੀਰ ਜ਼ਖ਼ਮੀ ਸਾਹਿਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਹਿਲ ਨੂੰ ਉਸ ਦੇ ਘਰ ਤੋਂ ਕਰੀਬ 40 ਕਦਮ ਦੀ ਦੂਰੀ ’ਤੇ ਗੋਲੀ ਮਾਰੀ ਗਈ। ਘਟਨਾ ਸਥਾਨ ਪੁਲਸ ਚੌਕੀ ਦੇ ਬਿਲਕੁਲ ਨੇੜੇ ਹੋਣ ਦੇ ਬਾਵਜੂਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਐਕਟਿਵਾ ’ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਪਹੁੰਚੇ ਸਨ। ਦੋਵਾਂ ਨੇ ਸਾਹਿਲ ਵੱਲ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਉਸ ਦੀ ਛਾਤੀ ਦੇ ਨੇੜੇ ਲੱਗੀ। ਗੋਲੀ ਲੱਗਣ ਕਾਰਨ ਸਾਹਿਲ ਗੰਭੀਰ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਪਰਿਵਾਰਕ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਾਹਿਲ ਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ। ਮ੍ਰਿਤਕ ਦੇ ਪਿਤਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਘਰੋਂ ਸਬਜ਼ੀ ਲੈਣ ਲਈ ਨਿਕਲਿਆ ਸੀ। ਜਿੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਪਰਿਵਾਰ ਮੁਤਾਬਕ ਸਾਹਿਲ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ ਛੇ ਮਹੀਨੇ ਦਾ ਇੱਕ ਛੋਟਾ ਬੱਚਾ ਵੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਇਸਲਾਮਾਬਾਦ ਥਾਣੇ ਦੇ ਐਸ. ਐਚ. ਓ. ਸਮੇਤ ਸੀਨੀਅਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ।ਏ.ਡੀ.ਸੀ.ਪੀ.ਪੱਧਰ ਦੇ ਅਧਿਕਾਰੀ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰਵਾਈ। ਪੁਲਸ ਵੱਲੋਂ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

