Another person, who went to stop drug peddlers, murdered—much like Parvinder Jhota
ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਮਾੜੀ ਪੰਨਵਾਂ ‘ਚ ਦੇਰ ਰਾਤ ਹੋਈ ਝੜਪ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ 40 ਸਾਲਾ ਬਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀਆਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਅਮਰਜੀਤ ਸਿੰਘ (35) ਅਤੇ ਗੁਰਮੁਖ ਸਿੰਘ ਪੁੱਤਰ ਪਰਮਜੀਤ ਸਿੰਘ (35) ਵਜੋਂ ਹੋਈ ਹੈ। ਘਟਨਾ ਵਿੱਚ 10 ਤੋਂ 15 ਵਿਅਕਤੀਆਂ ਵੱਲੋਂ ਹਮਲਾ ਕੀਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ। ਉਧਰ, ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਪਿੰਡ ‘ਚ ਵਾਪਰੀ ਇਸ ਘਟਨਾ ਸਬੰਧੀ ਇਹ ਵੀ ਚਰਚਾ ਹੈ ਕਿ ਤਿੰਨੇ ਵਿਅਕਤੀ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਲਈ ਗਏ ਸਨ, ਜਿਸ ਦੌਰਾਨ ਉਨ੍ਹਾਂ ਦਾ ਦੂਜੀ ਧਿਰ ਨਾਲ ਝਗੜਾ ਹੋ ਗਿਆ ਅਤੇ ਮਾਮਲਾ ਹਿੰਸਕ ਰੂਪ ਧਾਰ ਗਿਆ। ਹਾਲਾਂਕਿ, ਘਟਨਾ ਪਿੱਛੇ ਅਸਲ ਕਾਰਨ ਕੀ ਸੀ ਅਤੇ ਝਗੜਾ ਕਿਨ੍ਹਾਂ ਹਾਲਾਤ ਵਿੱਚ ਹੋਇਆ, ਇਸ ਬਾਰੇ ਅਜੇ ਪੁਲਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਪਿੰਡ ਦੇ ਸਰਪੰਚ ਸੁਰਿੰਦਰਪਾਲ ਸਿੰਘ ਬਾਜਵਾ ਅਨੁਸਾਰ 10 ਤੋਂ 15 ਵਿਅਕਤੀਆਂ ਨੇ ਤਿੰਨਾਂ ’ਤੇ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐੱਚਸੀ ਭਾਮ ਵਿਖੇ ਲਿਜਾਇਆ ਗਿਆ। ਉੱਥੇ ਡਾਕਟਰ ਅਭਿਸ਼ੇਕ ਨੇ ਦੱਸਿਆ ਕਿ ਤਿੰਨੇ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚੇ ਸਨ। ਇਲਾਜ ਦੌਰਾਨ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਘਟਨਾ ਦੇ ਕਾਰਨਾਂ, ਝਗੜੇ ਵਿੱਚ ਸ਼ਾਮਲ ਵਿਅਕਤੀਆਂ ਅਤੇ ਹਮਲੇ ਸਬੰਧੀ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਜਾਵੇਗੀ। ਪੁਲਸ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੁਰਨ ਹੋਇਆ ਅਤੇ ਬੀਤੇ ਦਿਨ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ।

