“Five Sikh High Priests Declare CM Bhagwant Mann ‘Guru Dokhi’ and ‘Anti-Khalsa Panth’”
“ਪੰਜ ਸਿੰਘ ਸਾਹਿਬਾਨ ਵੱਲੋਂ CM ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ”

15 ਜੂਨ 2026, ਸ੍ਰੀ ਅੰਮ੍ਰਿਤਸਰ ਸਾਹਿਬ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
ਪਹਿਲੇ ਮਤੇ ਵਿੱਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ‘ਤੇ ਚਰਚਾ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਸਥਾਵਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਕਿ ਇਸ ਮਾਮਲੇ ਸਬੰਧੀ ਪੰਜਾਬ ਕੈਬਨਿਟ ਦੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇਗਾ। ਇਸ ਦੇ ਨਾਲ ਹੀ ਗੈਰ-ਸਿੱਖ ਮੰਤਰੀਆਂ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਜਾਵੇਗਾ।
ਦੂਜੇ ਮਤੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਇੱਕ ਵਿਵਾਦਤ ਵੀਡੀਓ ਦੇ ਮਾਮਲੇ ‘ਤੇ ਵਿਚਾਰ ਕੀਤਾ ਗਿਆ। ਮਤੇ ਅਨੁਸਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈਆਂ ਗਈਆਂ ਦੋ ਫੋਰੈਂਸਿਕ ਜਾਂਚਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਨੂੰ ਅਸਲੀ ਦੱਸਿਆ ਗਿਆ। ਇਸ ਮਾਮਲੇ ‘ਤੇ ਪੰਥਕ ਜਥੇਬੰਦੀਆਂ, ਸੰਪਰਦਾਵਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤਾ।
ਮਤੇ ਵਿੱਚ ਕਿਹਾ ਗਿਆ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਨਾਲ ਹੀ ਸਿੱਖ ਕੌਮ ਨੂੰ ਪੰਥਕ ਮਰਯਾਦਾ ਅਤੇ ਗੁਰੂ ਘਰ ਦੇ ਸਤਿਕਾਰ ਦੀ ਰਾਖੀ ਲਈ ਇਕਜੁੱਟ ਰਹਿਣ ਦੀ ਅਪੀਲ ਵੀ ਕੀਤੀ ਗਈ।
ਇਸ ਇਕੱਤਰਤਾ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਦਲ-ਪੰਥਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਥ ਨਾਲ ਜੁੜੇ ਮੌਜੂਦਾ ਮਸਲਿਆਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ।
