Bhai Jagtar Singh Hawara’s 2018 letter from behind bars appeals to renounce ego and positions for public, panthic unity
ਜੇਲ੍ਹ ਦੀਆਂ ਸੀਖਾਂ ਪਿੱਛੇ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ 2018 ਦੀ ਚਿੱਠੀ ਜਨਤਕ, ਪੰਥਕ ਏਕਤਾ ਲਈ ਹਉਮੈ ਅਤੇ ਅਹੁਦਿਆਂ ਦਾ ਤਿਆਗ ਕਰਨ ਦੀ ਅਪੀਲ
ਅੰਮ੍ਰਿਤਸਰ, 2 ਅਗਸਤ (ਆਵਾਜ਼ਿ ਕੌਮ ਬਿਊਰੋ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ 4 ਦਸੰਬਰ 2018 ਨੂੰ ਲਿਖਿਆ ਇੱਕ ਪੱਤਰ ਜਨਤਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਪੰਥਕ ਏਕਤਾ, ਆਪਸੀ ਵਿਸ਼ਵਾਸ ਦੀ ਬਹਾਲੀ ਅਤੇ ਹਉਮੈ ਤਿਆਗਣ ਦਾ ਸੰਦੇਸ਼ ਦਿੱਤਾ ਗਿਆ ਹੈ। ਸਰਦਾਰ ਪੀਰਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੰਘ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਕੌਮ ਵੱਲੋਂ ਸਰਕਾਰਾਂ ਅੱਗੇ ਲਗਾਤਾਰ ਅਪੀਲਾਂ, ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਭਾਈ ਹਵਾਰਾ ਦੀਆਂ ਪੰਥਕ ਏਕਤਾ ਸਬੰਧੀ ਭਾਵਨਾਵਾਂ ਹੋਰ ਵੀ ਮਹੱਤਵਪੂਰਨ ਬਣ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੱਤਰ ਦਾ ਮੁੱਖ ਸੰਦੇਸ਼ ਇਹ ਹੈ ਕਿ ਜੇਕਰ ਸਰਕਾਰਾਂ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ ਤਾਂ ਘੱਟੋ-ਘੱਟ ਪੰਥਕ ਏਕਤਾ ਕਾਇਮ ਕਰਨਾ ਕੌਮ ਦੇ ਆਪਣੇ ਹੱਥ ਵਿੱਚ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਕਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਥਕ ਸਫ਼ਾਂ ਵਿੱਚ ਆਪਸੀ ਅਵਿਸ਼ਵਾਸ ਅਤੇ ਧੜੇਬੰਦੀ ਦਾ ਮਾਹੌਲ ਕਾਇਮ ਹੈ। ਸਰਦਾਰ ਪੀਰਮੁਹੰਮਦ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਕਿਸੇ ਵੀ ਸਾਂਝੇ ਮਕਸਦ ਦੀ ਪੂਰਤੀ ਲਈ ਹਉਮੈ ਛੱਡ ਕੇ ਤਿਆਗ ਦੀ ਭਾਵਨਾ ਨਾਲ ਅੱਗੇ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਇਸ ਗੱਲ ਦੀ ਹੈ ਕਿ ਸਮੁੱਚੀਆਂ ਪੰਥਕ ਜਥੇਬੰਦੀਆਂ, ਧਾਰਮਿਕ ਆਗੂ ਅਤੇ ਵੱਖ-ਵੱਖ ਧਿਰਾਂ ਨਿੱਜੀ ਅਹੁਦਿਆਂ ਅਤੇ ਵਜੂਦ ਦੇ ਮੋਹ ਤੋਂ ਉੱਪਰ ਉੱਠ ਕੇ ਇੱਕ ਮੰਚ ’ਤੇ ਇਕੱਠੀਆਂ ਹੋਣ ਅਤੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਆਪਸੀ ਵਿਸ਼ਵਾਸ ਬਹਾਲ ਕਰਨ ਲਈ ਠੋਸ ਅਤੇ ਅਮਲੀ ਕਾਰਜ-ਯੋਜਨਾ ਤਿਆਰ ਕਰਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਕੁਰਬਾਨੀਆਂ ਦਾ ਸਹੀ ਸਤਿਕਾਰ ਉਸੇ ਵੇਲੇ ਸੰਭਵ ਹੈ ਜਦੋਂ ਕੌਮ ਅੰਦਰੂਨੀ ਤੌਰ ’ਤੇ ਮਜ਼ਬੂਤ, ਸੰਗਠਿਤ ਅਤੇ ਏਕਜੁੱਟ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ ਦੇ ਇਸ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹਨ ਤਾਂ ਜੋ ਪੰਥਕ ਏਕਤਾ ਦਾ ਨਵਾਂ ਦੌਰ ਸ਼ੁਰੂ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੱਤਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਦੇ ਅਸਤੀਫ਼ੇ ਤੋਂ ਬਾਅਦ ਪੰਥਕ ਲੇਖਕ ਭਾਈ ਬਲਜੀਤ ਸਿੰਘ ਖਾਲਸਾ ਅਤੇ ਬੀਬੀ ਸੰਦੀਪ ਕੌਰ ਕਾਸਤੀਵਾਲ, ਸੰਚਾਲਕ ਸ਼ਹੀਦ ਭਾਈ ਧਰਮ ਸਿੰਘ ਖਾਲਸਾ ਟਰੱਸਟ, ਨੂੰ ਮੁਲਾਕਾਤ ਦੌਰਾਨ ਸੌਂਪਿਆ ਗਿਆ ਸੀ।



