Big news during Punjab bandh: Two grenades were thrown consecutively, the entire area shook
ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ
ਅੰਮ੍ਰਿਤਸਰ/ਅਜਨਾਲਾ (ਆਵਾਜ਼ਿ ਕੌਮ ਬਿਊਰੋ)-ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿਚ ਦੇਰ ਰਾਤ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਦੋ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ। ਧਮਾਕਿਆਂ ਦੀ ਤੇਜ਼ ਆਵਾਜ਼ ਨਾਲ ਪਿੰਡ ਵਿਚ ਅਫ਼ਰਾ-ਤਫ਼ਰੀ ਮਚ ਗਈ। ਘਟਨਾ ਦੌਰਾਨ ਘਰ ਵਿਚ ਮੌਜੂਦ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਮੁਤਾਬਕ ਜ਼ਖ਼ਮੀਆਂ ਵਿਚ ਦੋ ਔਰਤਾਂ ਅਤੇ ਇਕ ਵਿਅਕਤੀ ਸ਼ਾਮਲ ਹੈ। ਧਮਾਕੇ ਕਾਰਨ ਘਰ ਦੇ ਦਰਵਾਜ਼ਿਆਂ ਅਤੇ ਸ਼ੀਸ਼ਿਆਂ ਨੂੰ ਨੁਕਸਾਨ ਪਹੁੰਚਿਆ ਜਦਕਿ ਘਰ ਦੇ ਬਾਹਰ ਖੜ੍ਹੇ ਵਾਹਨ ਵੀ ਨੁਕਸਾਨੇ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਕ ਜ਼ਖ਼ਮੀ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਤ ਸਮੇਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ। ਉਨ੍ਹਾਂ ਵੱਲੋਂ ਪਹਿਲਾਂ ਘਰ ਦੇ ਅੰਦਰ ਗ੍ਰਨੇਡ ਸੁੱਟਿਆ ਗਿਆ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਅਤੇ ਇਕ ਵਿਅਕਤੀ ਉਨ੍ਹਾਂ ਦੇ ਪਿੱਛੇ ਜਾਣ ਲੱਗਾ ਤਾਂ ਹਮਲਾਵਰਾਂ ਨੇ ਦੂਜਾ ਗ੍ਰਨੇਡ ਵੀ ਦਰਵਾਜ਼ੇ ਵੱਲ ਸੁੱਟ ਦਿੱਤਾ। ਪਰਿਵਾਰ ਮੁਤਾਬਕ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਫੋਨ ਆਉਣ ਦੀ ਜਾਣਕਾਰੀ ਨਹੀਂ ਸੀ ਅਤੇ ਪਿੰਡ ਵਿਚ ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਵਾਪਰੀ ਹੈ। ਘਟਨਾ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਕਿ ਘਟਨਾ ਵਾਲੀ ਥਾਂ ਤੋਂ ਗ੍ਰਨੇਡ ਪੁਲਸ ਦੇ ਹਵਾਲੇ ਕੀਤੇ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਇਕ ਘਰ ’ਤੇ ਦੋ ਗ੍ਰਨੇਡ ਸੁੱਟੇ ਜਾਣਾ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਘਟਨਾ ਦੇ ਪਿੱਛੇ ਦੀ ਅਸਲ ਸਾਜ਼ਿਸ਼ ਦਾ ਪਤਾ ਲਗਾਇਆ ਜਾਵੇ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਫਿਲਹਾਲ ਪੁਲਸ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਹਮਲੇ ਦਾ ਮਕਸਦ ਕੀ ਸੀ ਅਤੇ ਇਸ ਦੇ ਪਿੱਛੇ ਕੌਣ ਲੋਕ ਹਨ।

