ਮੋਗਾ ਤੋਂ ਨਸ਼ਿਆਂ ਖ਼ਿਲਾਫ਼ ਵੱਡਾ ਸੰਕਲਪ: ‘ਯੁੱਧ ਨਸ਼ਿਆਂ ਵਿਰੁੱਧ 2.0’ ਸਮਾਗਮ

16 ਫ਼ਰਵਰੀ 2026, ਮੋਗਾ — ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ 2.0’ ਮੁਹਿੰਮ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਵਿਸ਼ਾਲ ਜਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਹਜ਼ਾਰਾਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਬੁਰਾਈ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣ ਦੀ ਸਹੁੰ ਚੁਕਵਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੇ ਗਿਰੋਹਾਂ ‘ਤੇ ਕਰੜੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ। ਉਨ੍ਹਾਂ ਕਿਹਾ, “ਇਹ ਸਿਰਫ਼ ਸਰਕਾਰ ਦੀ ਲੜਾਈ ਨਹੀਂ, ਸਗੋਂ ਹਰ ਮਾਂ-ਪਿਉ ਅਤੇ ਹਰ ਨੌਜਵਾਨ ਦੀ ਲੜਾਈ ਹੈ। ਅਸੀਂ ਆਪਣੇ ਬੱਚਿਆਂ ਦਾ ਭਵਿੱਖ ਬਚਾਉਣਾ ਹੈ।”

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਨਸ਼ਾ ਵਿਕਦਾ ਜਾਂ ਬਣਦਾ ਹੋਵੇ, ਉਸ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ 2.0’ ਤਹਿਤ ਪਿੰਡ ਪੱਧਰ ‘ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਨਸ਼ਾ ਛੱਡਣ ਲਈ ਡੀ-ਐਡਿਕਸ਼ਨ ਸੈਂਟਰਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਓਠੀਆਂ ਵਿਖੇ ਭਾਰੀ ਮਾਤਰਾ ਵਿੱਚ ਨਸ਼ੇ ਦੀ ਖੇਪ ਫੜਾਉਣ ਵਾਲੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਇਨਾਮੀ ਰਾਸ਼ੀ ਦੇ ਚੈੱਕ ਸੌਂਪ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕਿਹਾ ਗਿਆ ਕਿ ਪੰਜਾਬੀਆਂ ਵੱਲੋਂ ਮਿਲ ਰਹੇ ਭਰਪੂਰ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇਹ ਜੰਗ ਇੱਕ ਵੱਡੀ ਲੋਕ ਲਹਿਰ ਬਣ ਚੁੱਕੀ ਹੈ ਅਤੇ ਸਾਂਝੇ ਯਤਨਾਂ ਨਾਲ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਸਮੇਤ ਖਤਮ ਕੀਤਾ ਜਾਵੇਗਾ।

