BJP President Dhillon paid obeisance at Takht Sri Keshgarh Sahib, prayed for the welfare of all
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਸ੍ਰੀ ਅਨੰਦਪੁਰ ਸਾਹਿਬ / ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਤੋਂ ਬਾਅਦ ਉਹ ਵਿਸ਼ੇਸ਼ ਤੌਰ ‘ਤੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਇੱਥੇ ਪਹੁੰਚੇ। ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਵਿੱਚ ਅਮਨ-ਸ਼ਾਂਤੀ, ਸਮਾਜਿਕ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਗੁਰੂ ਘਰ ਦਾ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਰੰਗਲਾ ਅਤੇ ਖੁਸ਼ਹਾਲ ਬਣਾਉਣਾ ਹੈ ਅਤੇ ਪਾਰਟੀ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ‘ਸਰਕਾਰ-ਏ-ਖਾਲਸਾ’ ਵਰਗੇ ਸੁਸ਼ਾਸਨ ਦੀ ਸਥਾਪਨਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਨਸ਼ੇ ਅਤੇ ਗੈਂਗਸਟਰਵਾਦ ਦਾ ਜੜ੍ਹੋਂ ਸਫ਼ਾਇਆ ਕਰਕੇ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ, ਮਜ਼ਦੂਰਾਂ, ਔਰਤਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਦੇ ਸਸ਼ਕਤੀਕਰਨ ਲਈ ਦਿਨ-ਰਾਤ ਕੰਮ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਰਾਜੇਸ਼ ਚੌਧਰੀ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

