British MP Tanmanjit Singh Dhesi paid obeisance at Sachkhand Sri Darbar Sahib
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬ੍ਰਿਟੇਨ ਦੇ MP ਤਨਮਨਜੀਤ ਸਿੰਘ ਢੇਸੀ ਨੇ ਟੇਕਿਆ ਮੱਥਾ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਬ੍ਰਿਟੇਨ ਦੇ ਸੰਸਦ ਮੈਂਬਰ (ਐਮ.ਪੀ.) ਤਨਮਨਜੀਤ ਸਿੰਘ ਢੇਸੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਪਰਮਜੀਤ ਸਿੰਘ ਰਾਏਪੁਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਐਮ.ਪੀ. ਢੇਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਣ, ਤਾਂ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ (NRI) ਦੇ ਅਹਿਮ ਮਸਲਿਆਂ ਨੂੰ ਵੀ ਪੁੱਰਜੋਰ ਤਰੀਕੇ ਨਾਲ ਉਭਾਰਿਆ ਜਾਵੇ। ਆਪਣੇ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁੱਖ ਮੰਤਰੀ ਨਾਲ ਕਰੀਬ 20 ਮਿੰਟ ਤੱਕ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਖ਼ਾਸ ਕਰਕੇ ਸਿੱਧੀਆਂ ਉਡਾਣਾਂ ਦੀ ਗਿਣਤੀ ਵਧਾਉਣ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਪੂਰੀ ਤਰ੍ਹਾਂ ਖੋਲ੍ਹਣ ਦੇ ਮੁੱਦੇ ਪ੍ਰਮੁੱਖ ਤੌਰ ‘ਤੇ ਸ਼ਾਮਲ ਸਨ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਚੰਡੀਗੜ੍ਹ ਨੂੰ ਉੱਤਰੀ ਭਾਰਤ ਦਾ ਪ੍ਰਮੁੱਖ ਏਵੀਏਸ਼ਨ ਹੱਬ ਬਣਾਇਆ ਜਾਵੇ ਤਾਂ ਜੋ ਗੁਰੂ ਘਰ ਆਉਣ ਵਾਲੇ ਸ਼ਰਧਾਲੂਆਂ ਅਤੇ ਗੁਆਂਢੀ ਰਾਜਾਂ ਨੂੰ ਵੀ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ। ਵਪਾਰਕ ਪੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ (ਖ਼ਾਸਕਰ ਪੰਜਾਬ) ਅਤੇ ਯੂ.ਕੇ. ਵਿਚਾਲੇ ਹੋਣ ਵਾਲੀ ਫ੍ਰੀ ਟ੍ਰੇਡ ਐਗਰੀਮੈਂਟ (ਵਪਾਰਕ ਸੰਧੀ) ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਅਰਬਾਂ ਰੁਪਏ ਦਾ ਫ਼ਾਇਦਾ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਯੂ.ਕੇ. ਵਿੱਚ ਵਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦਰਪੇਸ਼ ਮਸਲਿਆਂ, ਜਿਵੇਂ ਕਿ ਕ੍ਰਿਪਾਨ ਦੇ ਮੁੱਦੇ ਅਤੇ ਸਿਆਸੀ ਕੈਦੀਆਂ ਦੇ ਇਨਸਾਫ਼ ਦੀ ਗੱਲ ਨੂੰ ਵੀ ਅੰਤਰਰਾਸ਼ਟਰੀ ਪੱਧਰ ‘ਤੇ ਮਜ਼ਬੂਤੀ ਨਾਲ ਰੱਖਣ ਦਾ ਭਰੋਸਾ ਦਿੱਤਾ। ਅੰਤ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਅਤੇ ਸਮੂਹ ਸੱਜਣਾਂ ਦਾ ਧੰਨਵਾਦ ਕਰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

