Central government apologizes for shutting down internet and metro services in Delhi during protests
ਪ੍ਰਦਰਸ਼ਨਾਂ ਦੌਰਾਨ ਦਿੱਲੀ ‘ਚ ਇੰਟਰਨੈੱਟ ਤੇ ਮੈਟਰੋ ਬੰਦ ਕਰਨ ‘ਤੇ ਕੇਂਦਰ ਸਰਕਾਰ ਨੇ ਮੰਗੀ ਮੁਆਫ਼ੀ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ 10 ਅਕਤੂਬਰ ਨੂੰ ‘ਕਾਕਰੋਚ ਜਨਤਾ ਪਾਰਟੀ’ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ‘ਚ ਮੈਟਰੋ ਅਤੇ ਰੇਲ ਸੇਵਾਵਾਂ ਨੂੰ ‘ਪੂਰੀ ਤਰ੍ਹਾਂ ਬੰਦ ਨਹੀਂ ਕਰਨ’ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਕਥਿਤ ਉਲੰਘਣਾ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ‘ਚ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਮੋਹਨ ਨੇ ਅਦਾਲਤ ‘ਚ ਦਾਇਰ ਕੀਤੇ ਇਕ ਹਲਫ਼ਨਾਮੇ ‘ਚ ਕਿਹਾ ਕਿ ਦਿੱਲੀ ਪੁਲਸ ਵੱਲੋਂ 10 ਅਕਤੂਬਰ ਨੂੰ ਰਾਤ 10 ਵਜੇ ਤੱਕ ਇਕ ਦਿਨ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਬੇਨਤੀ ਮਿਲੀ ਸੀ। ਉਨ੍ਹਾਂ ਕਿਹਾ,”ਇਸ ਬੇਨਤੀ ‘ਤੇ ਕਾਨੂੰਨ ਅਨੁਸਾਰ ਵਿਚਾਰ ਕੀਤਾ ਗਿਆ ਅਤੇ ਸਥਿਤੀ ਦੀ ਗੰਭੀਰਤਾ ਅਤੇ ਰਾਸ਼ਟਰੀ ਰਾਜਧਾਨੀ ‘ਚ ਜਨਤਕ ਵਿਵਸਥਾ ਨੂੰ ਵਿਗਾੜਨ ਤੋਂ ਰੋਕਣ ਦੀ ਜ਼ਰੂਰਤ ਨੂੰ ਦੇਖਦੇ ਹੋਏ ਇਸ ਨੂੰ ਢੁਕਵਾਂ ਅਤੇ ਸੁਵਿਧਾਜਨਕ ਪਾਇਆ ਗਿਆ।” ਗ੍ਰਹਿ ਸਕੱਤਰ ਨੇ ਕਿਹਾ ਕਿ 9 ਅਕਤੂਬਰ ਰਾਤ 10 ਵਜੇ ਤੋਂ 10 ਅਕਤੂਬਰ ਰਾਤ 10 ਵਜੇ ਤੱਕ ਰਾਏਸੀਨਾ ਹਿੱਲ ਦੇ ਚਾਰ ਕਿਲੋਮੀਟਰ ਦੇ ਘੇਰੇ ਨਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਬੰਦੀਆਂ ਸਿਰਫ਼ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਲਗਾਈਆਂ ਗਈਆਂ ਸਨ ਅਤੇ ਵਾਈ-ਫਾਈ ਜਾਂ ਬ੍ਰਾਡਬੈਂਡ ਵਰਗੀਆਂ ਹੋਰ ਇੰਟਰਨੈੱਟ ਅਤੇ ਦੂਰਸੰਚਾਰ ਸੇਵਾਵਾਂ ‘ਤੇ ਕੋਈ ਪਾਬੰਦੀ ਨਹੀਂ ਸੀ। ਮੋਹਨ ਨੇ ਕਿਹਾ, “ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਲੋੜ ਪੈਣ ‘ਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਸੀਮਿਤ ਸਮੇਂ ਲਈ ਅਤੇ ਨਿਰਧਾਰਤ ਖੇਤਰ ‘ਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਇੱਕ ਜਾਇਜ਼ ਉਪਾਅ ਹੈ, ਬਸ਼ਰਤੇ ਕਾਨੂੰਨ ‘ਚ ਨਿਰਧਾਰਤ ਸੁਰੱਖਿਆ ਉਪਾਵਾਂ ਅਤੇ ਉਪਬੰਧਾਂ ਦੀ ਪਾਲਣਾ ਕੀਤੀ ਜਾਵੇ।” ਉਨ੍ਹਾਂ ਅੱਗੇ ਕਿਹਾ,”ਇਸ ਲਈ, ਮੈਂ ਸਤਿਕਾਰ ਨਾਲ ਅਦਾਲਤ ਨੂੰ ਬੇਨਤੀ ਕਰਦਾ ਹਾਂ ਕਿ ਉਹ 11 ਅਕਤੂਬਰ ਨੂੰ ਆਪਣੇ ਆਦੇਸ਼ ‘ਚ ਜ਼ਰੂਰੀ ਹੱਦ ਤੱਕ ਸੋਧ ਕਰੇ ਤਾਂ ਕਿ ਕਾਨੂੰਨ ਅਤੇ ਉਸ ‘ਚ ਤੈਅ ਸਾਰੀਆਂ ਸ਼ਰਤਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਦੇ ਹੋਏ ਲੋੜ ਪੈਣ ‘ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਮਨਜ਼ੂਰੀ ਮਿਲ ਸਕੇ।” ਚੀਫ਼ ਜਸਟਿਸ ਸੂਰੀਆਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ 11 ਅਕਤੂਬਰ ਨੂੰ ਕਿਹਾ ਸੀ ਕਿ ਮਾਣਹਾਨੀ ਪਟੀਸ਼ਨਕਰਤਾਵਾਂ ਨੇ ਪਹਿਲੀ ਨਜ਼ਰੇ ਆਪਣਾ ਕੇਸ ਸਾਬਤ ਕਰਨ ਲਈ ਕਾਫ਼ੀ ਆਧਾਰ ਪੇਸ਼ ਕੀਤੇ ਹਨ। ਪਟੀਸ਼ਨਕਰਤਾਵਾਂ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨਾਂ ਕਾਰਨ ਦਿੱਲੀ ‘ਚ ਮੈਟਰੋ ਅਤੇ ਰੇਲ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਾ ਕਰਨ ਦੇ ਅਦਾਲਤ ਦੇ ਨਿਰਦੇਸ਼ ਦੀ ਉਲੰਘਣਾ ਕੀਤੀ ਗਈ ਹੈ। ਬੈਂਚ ਨੇ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਦਿੱਲੀ ਪੁਲਸ ਕਮਿਸ਼ਨਰ ਅਨੁਰਾਗ ਕੁਮਾਰ ਅਤੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਦੇ ਚੇਅਰਮੈਨ ਡੀ. ਥਾਰਾ ਨੂੰ ਨੋਟਿਸ ਜਾਰੀ ਕੀਤੇ। ‘ਕਾਕਰੋਚ ਜਨਤਾ ਪਾਰਟੀ’ (ਸੀਜੇਪੀ) ਨੇ ਚੋਣਾਂ ‘ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ 10 ਅਕਤੂਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ।

