ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਨਾ ਕਰੇ – ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਕੋਈ ਵੀ ਅਜਿਹਾ ਫੈਸਲਾ ਨਾ ਲਿਆ ਜਾਵੇ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਕਈ ਦਹਾਕਿਆਂ ਤੱਕ ਕਾਲਾ ਦੌਰ ਦੇਖਿਆ ਹੈ ਅਤੇ ਹੁਣ ਮੁੜ ਉਹ ਜਖ਼ਮਾਂ ਨੂੰ ਉਚੇੜਣ ਦੀ ਕੋਸ਼ਿਸ਼ ਬਹੁਤ ਹੀ ਗੰਭੀਰ ਸਾਜ਼ਿਸ਼ ਹੈ।
ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਕਿਸੇ ਵੱਡੇ ਭੇਦ ਦਾ ਹਿੱਸਾ
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਰਾਜੋਆਣਾ ਨਾਲ ਜੁੜਿਆ ਮਾਮਲਾ ਕੋਈ ਵਿਅਕਤੀਗਤ ਨਹੀਂ ਸਗੋਂ ਪੂਰੀ ਸਿੱਖ ਕੌਮ ਦੀਆਂ ਆਸਥਾਵਾਂ ਅਤੇ ਸਤਿਕਾਰ ਨਾਲ ਜੁੜਿਆ ਹੈ। 2012 ਵਿੱਚ ਜਦੋਂ ਰਾਜੋਆਣਾ ਦੀ ਫਾਂਸੀ ਦਾ ਖਤਰਾ ਮੰਡਰਾਇਆ ਸੀ, ਤਾਂ ਪੂਰੀ ਸਿੱਖ ਕੌਮ ਇਕਜੁੱਟ ਹੋ ਕੇ ਸੰਘਰਸ਼ ਲਈ ਖੜੀ ਹੋਈ ਸੀ ਜਿਸ ਕਰਕੇ ਉਸ ਵੇਲੇ ਦੀ ਕੇਂਦਰ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ। ਹੁਣ ਮੁੜ ਇਸ ਮਾਮਲੇ ਨੂੰ ਉੱਠਾਉਣਾ ਕੇਂਦਰ ਦੇ ਸਿੱਖ ਵਿਰੋਧੀ ਮਨਸੂਬਿਆਂ ਨੂੰ ਬੇਨਕਾਬ ਕਰਦਾ ਹੈ।
ਅਕਾਲੀ ਦਲ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਵੀ ਸਿੱਧਾ ਚੁਣੌਤੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਤੁਰੰਤ ਆਪਣਾ ਸਪਸ਼ਟ ਸਟੈਂਡ ਜਨਤਾ ਸਾਹਮਣੇ ਰੱਖੇ। ਸਿੱਖ ਕੌਮ ਜਾਣਨਾ ਚਾਹੁੰਦੀ ਹੈ ਕਿ ਕੀ ਪੰਜਾਬ ਸਰਕਾਰ ਆਪਣੇ ਲੋਕਾਂ ਅਤੇ ਸਿੱਖ ਭਾਵਨਾਵਾਂ ਦੇ ਨਾਲ ਖੜੀ ਹੈ ਜਾਂ ਕੇਂਦਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਚੁੱਪ ਰਹਿਣਾ ਜਾਂ ਦੋਹਰੇ ਮਾਪਦੰਡ ਰੱਖਣਾ ਸਰਕਾਰ ਲਈ ਘਾਤਕ ਸਾਬਤ ਹੋਵੇਗਾ।
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਲੀਆ ਮੀਟਿੰਗ ‘ਤੇ ਵੀ ਗੰਭੀਰ ਸਵਾਲ ਉਠਾਉਂਦੇ ਕਿਹਾ ਕਿ ਇਹ ਮੀਟਿੰਗ ਕਿਸੇ ਵੱਡੇ ਭੇਦ ਅਤੇ ਛੁਪੀ ਯੋਜਨਾ ਵੱਲ ਇਸ਼ਾਰਾ ਕਰਦੀ ਹੈ।
ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ 50 ਮਿਲਟਰੀ ਕੰਪਨੀਆਂ ਦੀ ਤੈਨਾਤੀ ਕਰਕੇ ਡਰ ਅਤੇ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਹ ਪੰਜਾਬੀ ਲੋਕਾਂ ਦੇ ਹੌਸਲੇ ਤੋੜਣ ਦੀ ਸਾਜ਼ਿਸ਼ ਹੈ ਪਰ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਕਦੇ ਵੀ ਕਿਸੇ ਦਬਾਅ ਜਾਂ ਜ਼ਬਰ ਅੱਗੇ ਨਹੀਂ ਝੁਕੀ।
ਉਨ੍ਹਾਂ ਨੇ ਯਾਦ ਦਿਵਾਇਆ ਕਿ ਭਾਈ ਰਾਜੋਆਣਾ ਆਪਣੀ ਮਿਲੀ ਸਜ਼ਾ ਤੋਂ ਕਈ ਗੁਣਾ ਵੱਧ ਸਮਾਂ ਪਹਿਲਾਂ ਹੀ ਜੇਲ੍ਹ ਦੀ ਕਾਲ ਕੋਠੜੀ ਵਿੱਚ ਬਿਤਾ ਚੁੱਕੇ ਹਨ। ਕੋਈ ਵੀ ਕਾਨੂੰਨ ਅਜਿਹੀ ਇਜਾਜ਼ਤ ਨਹੀਂ ਦਿੰਦਾ ਕਿ ਕਿਸੇ ਕੈਦੀ ਨੂੰ ਉਸਦੀ ਸਜ਼ਾ ਤੋਂ ਵੱਧ ਸਮੇਂ ਲਈ ਬੰਦ ਰੱਖਿਆ ਜਾਵੇ।
ਅੰਤ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੇਂਦਰ ਅਤੇ ਪੰਜਾਬ ਸਰਕਾਰ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਅਣਦੇਖਾ ਕੀਤਾ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ ਅਤੇ ਪੂਰੀ ਜ਼ਿੰਮੇਵਾਰੀ ਦੋਵੇਂ ਸਰਕਾਰਾਂ ਉੱਪਰ ਹੋਵੇਗੀ। ਉਨ੍ਹਾਂ ਨੇ ਅਪੀਲ ਕੀਤੀ ਕਿ ਸਿੱਖ ਕੌਮ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਇਸ ਮਾਮਲੇ ਵਿੱਚ ਸੰਵੇਦਨਸ਼ੀਲਤਾ ਨਾਲ ਫ਼ੈਸਲਾ ਕੀਤਾ ਜਾਵੇ ਕਿਉਂਕਿ ਸਿੱਖ ਕੌਮ ਪਹਿਲਾਂ ਹੀ ਕਈ ਜ਼ਖ਼ਮਾਂ ਨਾਲ ਗੁਜ਼ਰ ਚੁੱਕੀ ਹੈ।