Chief Minister Bhagwant Mann’s major statement on the Parvinder Jhota murder case
ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ/ਮਾਨਸਾ (ਆਵਾਜ਼ਿ ਕੌਮ ਬਿਊਰੋ)- ਮੰਗਲਵਾਰ ਨੂੰ ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਮਾਨ ਨੇ ਕਿਹਾ ਕਿ ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਪੁਲਸ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਜੇਕਰ ਇਸ ਘਟਨਾ ਦੀ ਸਾਜ਼ਿਸ਼ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਮਾਨ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਅਸੀਂ ਯੁੱਧ ਛੇੜਿਆ ਹੋਇਆ ਹੈ। ਇਸ ਮਾਮਲੇ ਵਿਚ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ। ਭਾਵੇਂ ਕੋਈ ਵੀ ਹੋਵੇ ਅਤੇ ਉਸ ਦੀ ਜਿੰਨੀ ਮਰਜ਼ੀ ਪਹੁੰਚ ਹੋਵੇ ਦੋਸ਼ੀਆਂ ਨੂੰ ਕਿਸੇ ਕੀਮਤ ‘ਤੇ ਨਹੀਂ ਬਖਸ਼ਾਂਗੇ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਨਹੀਂ ਹੋਣੀ ਚਾਹੀਦੀ ਸੀ ਪਰ ਜੋ ਵੀ ਕਮੀਆਂ ਹੋਈਆਂ, ਭਾਵੇਂ ਉਹ ਕਿਸੇ ਵੀ ਪੱਧਰ ‘ਤੇ ਹੋਣ ਅਸੀਂ ਉਸ ‘ਤੇ ਕਾਰਵਾਈ ਕਰਾਂਗੇ। ਇਸ ਬਾਰੇ ਉਨ੍ਹਾਂ ਨੇ ਡੀ. ਜੀ. ਪੀ. ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਜਾਵੇ। ਪੰਜਾਬ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਸਾਡੀ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਹੈ। ਨਾ ਅਸੀਂ ਕਿਸੇ ਦੀ ਪੁਸ਼ਤਪਨਾਹੀ ਕਰਦੇ ਹਾਂ ਅਤੇ ਨਾ ਹੀ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਨੂੰ ਸ਼ਾਂਤੀ ਬਨਾਉਣ ਦੀ ਅਪੀਲ ਹੈ। ਮਾਨ ਨੇ ਕਿਹਾ ਕਿ ਉਹ ਯਕੀਨ ਦਿਵਾਉਂਦੇ ਹਨ ਕਿ ਜੋ ਵੀ ਇਸ ਘਟਨਾ ਦਾ ਦੋਸ਼ੀ ਹੈ, ਭਾਵੇਂ ਅਸੀਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਫਿਰ ਵੀ ਜੇਕਰ ਇਸ ਦੇ ਪਿੱਛੇ ਕੋਈ ਹੋਰ ਹੋਇਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

