CJP march to start from India Gate on September 5, Supreme Court refuses to ban it
5 ਸਤੰਬਰ ਨੂੰ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ CJP ਮਾਰਚ, ਸੁਪਰੀਮ ਕੋਰਟ ਨੇ ਰੋਕ ਲਾਉਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਸੁਪਰੀਮ ਕੋਰਟ ਨੇ ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਵੱਲੋਂ 5 ਸਤੰਬਰ ਨੂੰ ਹੋਣ ਵਾਲੇ ਮਾਰਚ ’ਤੇ ਰੋਕ ਲਾਉਣ ਤੋਂ ਸੋਮਵਾਰ ਇਨਕਾਰ ਕਰ ਦਿੱਤਾ ਗਿਆ। ਅਦਾਲਤ ਨੇ ਕਿਹਾ ਕਿ ਇਹ ਮੰਨਣ ਦਾ ਕੋਈ ਜਾਇਜ਼ ਆਧਾਰ ਨਹੀਂ ਹੈ ਕਿ ਮਾਰਚ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਕੋਈ ਸੰਭਾਵਨਾ ਨਹੀਂ। ਪ੍ਰਸ਼ਾਸਨ ਤੇ ਸਾਰੀਆਂ ਧਿਰਾਂ ਤੋਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ। ਇਹ ਪਟੀਸ਼ਨ ਦਿੱਲੀ ਪੁਲਸ ਦੇ ਇਕ ਸੇਵਾਮੁਕਤ ਅਧਿਕਾਰੀ ਰਾਜੇਂਦਰ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਦਿੱਲੀ ’ਚ ਹੋਣ ਵਾਲੇ ਬ੍ਰਿਕਸ ਸੰਮੇਲਨ ਨੂੰ ਧਿਆਨ ’ਚ ਰਖਦਿਆਂ ਵੱਡੇ ਜਲੂਸਾਂ ਤੇ ਪ੍ਰਦਰਸ਼ਨਾਂ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਇਹ ਮਾਰਚ 5 ਸਤੰਬਰ ਨੂੰ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਤੇ ਨਵੀਂ ਦਿੱਲੀ ਪੁਲਸ ਹੈੱਡਕੁਆਰਟਰ ਤੱਕ ਜਾਵੇਗਾ। ਮਾਰਚ ’ਚ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਨੇ ਨੀਟ ਪੇਪਰ ਲੀਕ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ। CJP ਪ੍ਰਦਰਸ਼ਨ ਮਾਮਲੇ ’ਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਨਾਲ ਸਬੰਧਤ ਮਾਮਲਿਆਂ ’ਚ ਵਿਦਿਆਰਥੀਆਂ ਦੇ ਖਿਲਾਫ ਦਰਜ FIR ਨੂੰ ਖਾਰਿਜ ਕਰਨ ਦੀ ਮੰਗ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਤੋਂ ਧਾਰਾ 142 ਹੇਠ ਆਪਣੀਆਂ ਵਿਸ਼ੇਸ਼ ਤਾਕਤਾਂ ਦੀ ਵਰਤੋਂ ਕਰਦੇ ਹੋਏ FIR ਖਾਰਿਜ ਕਰਨ ਦੀ ਮੰਗ ਕੀਤੀ ਹੈ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੋਮਵਾਰ ਨੂੰ ਚੀਫ ਜਸਟਿਸ ਸੂਰਿਆਕਾਂਤ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਕ ਅਰਜ਼ੀ ਦਾਖਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਨੂੰ ਮੰਗਲਵਾਰ ਨੂੰ ਸੁਣਵਾਈ ਲਈ ਲਿਸਟ ਕਰਨ ਦੀ ਅਪੀਲ ਕੀਤੀ। ਚੀਫ ਜਸਟਿਸ ਨੇ ਮਾਮਲੇ ਨੂੰ ਕੱਲ ਸੁਣਵਾਈ ਲਈ ਲਿਸਟ ਕਰਨ ਦੀ ਇਜਾਜ਼ਤ ਦੇ ਦਿੱਤੀ।

