Cold wave sets in across Punjab! Temperatures continue to drop; motorists issued an alert
ਪੰਜਾਬ ‘ਚ ਸੀਤ ਲਹਿਰ ਦਾ ਆਗਾਜ਼! ਲਗਾਤਾਰ ਡਿੱਗ ਰਿਹਾ ਪਾਰਾ, ਵਾਹਨ ਚਾਲਕਾਂ ਨੂੰ ਕੀਤਾ ਗਿਆ ਅਲਰਟ
ਜਲੰਧਰ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਹਿਮਾਚਲ ਅਤੇ ਕਸ਼ਮੀਰ ਦੀਆਂ ਉੱਚੀਆਂ ਚੋਟੀਆਂ ’ਤੇ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ ਦਾ ਆਗਾਜ਼ ਹੋ ਚੁੱਕਾ ਹੈ। ਇਸ ਦੇ ਪ੍ਰਭਾਵ ਨਾਲ ਸੂਬੇ ਦੇ ਤਾਪਮਾਨ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਤਾਪਮਾਨ ‘ਚ ਲਗਭਗ 2 ਡਿਗਰੀ ਦੀ ਗਿਰਾਵਟ ਆਈ, ਜਦੋਂ ਕਿ ਫਰੀਦਕੋਟ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ ਬਾਹਰੀ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਦੇ ਸਮੇਂ ਧੁੰਦ ਦਾ ਅਸਰ ਵੀ ਦਿਖਾਈ ਦੇਣ ਲੱਗਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਵਾਹਨ ਚਾਲਕਾਂ ਲਈ ਸਾਵਧਾਨੀ ਸਬੰਧੀ ਅਲਰਟ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਵੇਰ ਅਤੇ ਸ਼ਾਮ ਨੂੰ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਲਈ ਦੋਪਹੀਆ ਵਾਹਨ ਚਾਲਕਾਂ ਨੂੰ ਵਾਹਨਾਂ ਨੂੰ ਹੌਲੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ ਕਿਉਂਕਿ ਧੁੰਦ ਕਾਰਨ ਸਾਹਮਣੇ ਤੋਂ ਆ ਰਹੇ ਵਾਹਨ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਹੌਲੀ ਰਫ਼ਤਾਰ ਵਾਹਨ ਚਲਾਉਣ ‘ਤੇ ਹਾਦਸੇ ਤੋਂ ਬਚਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆਈ ਹੈ। ਇਸ ਕਾਰਨ ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 12.1, ਪਟਿਆਲਾ ‘ਚ 12.3, ਬਠਿੰਡਾ ‘ਚ 10 ਅਤੇ ਪਠਾਨਕੋਟ ‘ਚ 10.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ‘ਚ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਮੌਸਮ ਖੁਸ਼ਕ ਚੱਲ ਰਿਹਾ ਹੈ। ਸੂਬੇ ਦੇ ਕਿਸੇ ਵੀ ਹਿੱਸੇ ‘ਚ ਮੀਂਹ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਕਾਰਨ ਹਿਮਾਚਲ ਅਤੇ ਕਸ਼ਮੀਰ ਦੇ ਸਰਹੱਦੀ ਇਲਾਕਿਆਂ ‘ਚ ਠੰਡ ਦਾ ਅਸਰ ਇਕਦਮ ਵੱਧਣ ਲੱਗਾ ਹੈ।

