Dangerous gangster from Punjab deported from Ethiopia; wanted in several cases
ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ, ਕਈ ਮਾਮਲਿਆਂ ‘ਚ ਸੀ ਲੋੜੀਂਦਾ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਗੈਂਗਸਟਰ ਗੁਰਵਿੰਦਰ ਉਰਫ ਅਫ਼ਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਾਉਣ ‘ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਗੁਰਵਿੰਦਰ ਡੋਨੀ ਬੱਲ-ਪ੍ਰਭ ਦਾਸੂਵਾਲ ਗੈਂਗ ਦਾ ਸਰਗਨਾ ਦੱਸਿਆ ਜਾ ਰਿਹਾ ਹੈ। ਪੰਜਾਬ ਪੁਲਸ ਦੀ ਇਹ ਕਾਰਵਾਈ ਆਪਰੇਸ਼ਨ ਸ਼ਹੀਦ ਤਹਿਤ ਕੀਤੀ ਗਈ ਹੈ। ਇਸ ਲਈ ਪਿਛਲੇ 10 ਮਹੀਨਿਆਂ ਤੋਂ ਲਗਾਤਾਰ ਉਸ ਦੀ ਅੰਤਰਰਾਸ਼ਟਰੀ ਪੱਧੜ ‘ਤੇ ਭਾਲ ਕੀਤੀ ਜਾ ਰਹੀ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ‘ਚ ਬੈਠ ਕੇ ਪੰਜਾਬ ‘ਚ ਟਾਰਗੇਟ ਕਿਲਿੰਗ, ਫ਼ਿਰੌਤੀ ਨਾਲ ਸਬੰਧਿਤ ਫਾਇਰਿੰਗ ਦੀਆਂ ਘਟਨਾਵਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ। ਇਸ ਆਪਰੇਸ਼ਨ ਦੌਰਾਨ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਕਈ ਦੇਸ਼ਾਂ ‘ਚ ਲਗਾਤਾਰ ਖੁਫ਼ੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਰੱਖਣ ਅਤੇ ਟ੍ਰੈਕਿੰਗ ਦੀ ਪ੍ਰਕਿਰਿਆ ਚਲਾਈ ਗਈ, ਜਿਸ ‘ਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਿਆ ਗਿਆ। ਇਸ ਲਈ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਅਸੀਂ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਗੈਂਗਸਟਰ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧਾਂ ਨੂੰ ਰੋਕਣ ਅਤੇ ਪੂਰੇ ਪੰਜਾਬ ‘ਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

