Another Sacrilege Attempt Reported in Sri Darbar Sahib Complex
ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਮੁੜ ਹੋਈ ਬੇਅਦਬੀ ਦੀ ਕੋਸ਼ਿਸ਼

12 ਜੂਨ 2026, ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਵਾਰ ਫਿਰ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਨੇ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ।
ਮੌਕੇ ‘ਤੇ ਮੌਜੂਦ ਮੁਸਤੈਦ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਸੰਬੰਧਿਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਸ਼ਿਸ਼ਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਘਟਨਾ ਸਾਲ 2021 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਤਰਜ਼ ‘ਤੇ ਲੱਗਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਕੋਸ਼ਿਸ਼ਾਂ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਪਤਾ ਲਗਾਇਆ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪਾਵਨ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਨੂੰ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
