DC issues strict orders regarding Sri Guru Nanak Dev Ji’s Gurpurab
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ ਜਾਰੀ
ਸੁਲਤਾਨਪੁਰ ਲੋਧੀ (ਆਵਾਜ਼ਿ ਕੌਮ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਆਵਾਜਾਈ ਲਈ ਸਾਰੇ ਲੋੜੀਂਦੇ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕੀਤੇ ਜਾਣ ਤਾਂ ਜੋ ਗੁਰਪੁਰਬ ਦੌਰਾਨ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਦੁਨੀਆ ਭਰ ਦੀਆਂ ਸੰਗਤਾਂ ਲਈ ਵਿਸ਼ੇਸ਼ ਮਹੱਤਵ ਹੈ ਅਤੇ ਇਸ ਪਵਿੱਤਰ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚਦੇ ਹਨ। ਇਸ ਲਈ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਅਤੇ ਅਗਾਊਂ ਯੋਜਨਾਬੰਦੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਫ਼ਾਈ ਵਿਵਸਥਾ, ਟ੍ਰੈਫਿਕ ਪ੍ਰਬੰਧਨ, ਰਿਹਾਇਸ਼, ਰੌਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਨੂੰ ਤਰਜੀਹ ਦੇਣ ਲਈ ਕਿਹਾ, ਖ਼ਾਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿੋਬ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਸੁਧਾਰਨ ’ਤੇ ਜ਼ੋਰ ਦਿੱਤਾ, ਕਿਉਂਕਿ ਗੁਰਪੁਰਬ ਦੌਰਾਨ ਇਨ੍ਹਾਂ ਰਸਤਿਆਂ ’ਤੇ ਸੰਗਤਾਂ ਦੀ ਭਾਰੀ ਆਮਦ ਰਹਿੰਦੀ ਹੈ। ਉਨ੍ਹਾਂ ਸ਼ਹਿਰ ਵਿੱਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਉਣ, ਜਨਤਕ ਪਖਾਨਿਆਂ ਦੀ ਸਫ਼ਾਈ ਕਰਵਾਉਣ ਅਤੇ ਲੋੜ ਅਨੁਸਾਰ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਾਰੀਆਂ ਸਟਰੀਟ ਲਾਈਟਾਂ ਚਾਲੂ ਹਾਲਤ ‘ਚ ਰੱਖਣ ਅਤੇ ਸੰਗਤਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਵਿਭਾਗਾਂ ਦੀ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਕੇ ਸੌਂਪੇ ਗਏ ਕੰਮਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਗੁਰਪੁਰਬ ਮੌਕੇ ਪਵਿੱਤਰ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਮਿਲੇ ਅਤੇ ਉਹ ਬਿਨਾਂ ਕਿਸੇ ਮੁਸ਼ਕਿਲ ਦੇ ਪਵਿੱਤਰ ਗੁਰਧਾਮਾਂ ਵਿੱਚ ਨਤਮਸਤਕ ਹੋ ਸਕਣ। ਇਸ ਮੌਕੇ ਐੱਸ. ਡੀ. ਐੱਮ. ਜਸਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਵਿਸ਼ਾਲ ਜੰਗਰਾਲ, ਈ.ਓ. ਕੰਵਲਜੀਤ ਸਿੰਘ, ਐੱਸ. ਡੀ. ਓ. ਜਸਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

