Decision will be taken keeping the sentiments of the Sangat in mind: Giani Raghbir Singh
ਸੰਗਤ ਦੀਆਂ ਭਾਵਨਾਵਾਂ ਧਿਆਨ ‘ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਸਰਕਾਰ ਵੱਲੋਂ ਗਠਿਤ 7-ਮੈਂਬਰੀ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਹੋਵੇਗੀ। ਇਸ ਦੌਕਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਤਿਕਾਰ ਐਕਟ (ਬੇਅਦਬੀ ਕਾਨੂੰਨ) ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਜੋ ਸਿੱਧੇ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ। ਇਸ ਲਈ ਇਸ ‘ਤੇ ਕੋਈ ਵੀ ਫੈਸਲਾ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਹੀ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਤਰਾਜ਼ਾਂ ‘ਤੇ ਸਰਕਾਰ ਨੇ ਸਤਿਕਾਰ ਐਕਟ ‘ਚ ਜੋ ਸੋਧ ਕੀਤੀ ਹੈ। ਹੁਣ ਬੈਠਕ ਵਿਚ ਇਸ ਮਸਲੇ ਦਾ ਹੱਲ ਕੱਢਿਆ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਮੀਦ ਜਤਾਈ ਕਿ ਮੀਟਿੰਗ ‘ਚ ਸਾਰੇ ਮੈਂਬਰ ਜ਼ਰੂਰ ਪਹੁੰਚਣਗੇ ਤਾਂ ਜੋ ਇਸ ਅਹਿਮ ਮੁੱਦੇ ‘ਤੇ ਸਰਬਸੰਮਤੀ ਨਾਲ ਫੈਸਲਾ ਹੋ ਸਕੇ। ਦੱਸ ਦੇਈਏ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਦੇ ਸਾਰੇ ਮੈਂਬਰ ਸ਼ਾਮਲ ਹੋਣਗੇ। ਇਸ ਬੈਠਕ ਵਿਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ ਅਤੇ ਸੇਵਾਮੁਕਤ ਜਸਟਿਸ ਗੁਰਬੀਰ ਸਿੰਘ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਬੈਠਕ ਵਿਚ ਹਿੱਸਾ ਲੈਣਗੇ।

