Demand for High-Level Probe into Incidents at LPU and Chitkara University – No Injustice to Innocent Students: Peer Muhammad
LPU ਤੇ ਚਿਤਕਾਰਾ ਯੂਨੀਵਰਸਿਟੀ ਦੀਆਂ ਘਟਨਾਵਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ – ਨਿਰਦੋਸ਼ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਨਾ ਹੋਵੇ: ਪੀਰ ਮੁਹੰਮਦ
28 ਸਤੰਬਰ 2026, ਚੰਡੀਗੜ੍ਹ-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਨਾਲ ਸਬੰਧਤ ਹਾਲੀਆ ਘਟਨਾਵਾਂ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (AISSF) ਨੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ AISSF ਦੇ ਪ੍ਰਧਾਨ ਭਾਈ ਕੰਵਰ ਚੜਤ ਸਿੰਘ ਨੇ ਕਿਹਾ ਕਿ ਹਾਲੀਆ ਘਟਨਾਵਾਂ ਦੇ ਹਰ ਪਹਿਲੂ ਦੀ ਨਿਰਪੱਖ ਅਤੇ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਥਿਤ ਆਊਟਸਾਈਡਰਾਂ ਦੀ ਸ਼ਮੂਲੀਅਤ ਅਤੇ ਅਫਵਾਹਾਂ ਦੇ ਫੈਲਾਅ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ।

ਪੀਰ ਮੁਹੰਮਦ ਨੇ ਕਿਹਾ ਕਿ ਕਿਸੇ ਵੀ ਬੇਗੁਨਾਹ ਵਿਦਿਆਰਥੀ ਨਾਲ ਧੱਕਾ ਨਹੀਂ ਹੋਣਾ ਚਾਹੀਦਾ ਅਤੇ ਬਿਨਾਂ ਪੂਰੀ ਜਾਂਚ ਦੇ ਕਿਸੇ ਵਿਦਿਆਰਥੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਜਾਂਚ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਹੀ ਸਖ਼ਤ ਕਾਨੂੰਨੀ ਕਾਰਵਾਈ ਹੋਵੇ।
AISSF ਆਗੂਆਂ ਨੇ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਦਾਖਲਾ ਨੀਤੀ ਅਤੇ ਹੋਰ ਸੂਬਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀ ਵੈਰੀਫਿਕੇਸ਼ਨ ਸਬੰਧੀ ਸਰਕਾਰ ਤੋਂ ਸਪੱਸ਼ਟ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਸੁਰੱਖਿਅਤ ਮਾਹੌਲ ਲਈ ਯੂਨੀਵਰਸਿਟੀ ਪ੍ਰਬੰਧਨ, ਪੁਲਿਸ ਅਤੇ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਦੀ ਲੋੜ ਉੱਤੇ ਜ਼ੋਰ ਦਿੱਤਾ।
