Double murder in Punjab; bodies of mother and daughter found in the house
ਪੰਜਾਬ ‘ਚ DOUBLE MURDER, ਘਰ ‘ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
ਬਟਾਲਾ (ਆਵਾਜ਼ਿ ਕੌਮ ਬਿਊਰੋ)-ਅਲੀਵਾਲ ਰੋਡ ਸਥਿਤ ਫਰੈਂਡ ਕਲੋਨੀ ‘ਚ ਸ਼ਨੀਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਘਰ ਵਿੱਚ ਮਾਂ-ਧੀ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕਾਂ ਦੀ ਪਛਾਣ ਬਬਲੀ ਅਤੇ ਉਸ ਦੀ ਬੇਟੀ ਤਮੰਨਾ ਵਜੋਂ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਬਬਲੀ ਦੇ ਭਰਾ ਵਿਜੇ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਅਤੇ ਭਾਣਜੀ ਦਾ ਕਤਲ ਉਸ ਦੇ ਜੀਜਾ ਜਸਵਿੰਦਰ ਮਸੀਹ ਵੱਲੋਂ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ। ਵਿਜੇ ਅਨੁਸਾਰ ਜਸਵਿੰਦਰ ਪਹਿਲਾਂ ਪਿੰਡ ਕੈਰੋਵਾਲ ਵਿੱਚ ਰਹਿੰਦਾ ਸੀ, ਪਰ ਕੁਝ ਸਮਾਂ ਪਹਿਲਾਂ ਬਟਾਲਾ ਵਿੱਚ ਕਿਰਾਏ ਦਾ ਮਕਾਨ ਲੈ ਕੇ ਫਰੈਂਡ ਕਲੋਨੀ ਵਿੱਚ ਰਹਿਣ ਲੱਗ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਪਿਛਲੇ ਕਾਫੀ ਸਮੇਂ ਤੋਂ ਕਲੇਸ਼ ਚੱਲ ਰਿਹਾ ਸੀ ਅਤੇ ਇਸ ਕਾਰਨ ਪਰਿਵਾਰਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ। ਉਨਾਂ ਕਿਹਾ ਕਿ ਘਰ ਅੰਦਰ ਮਾਂ-ਧੀ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਅਤੇ 112 ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਸ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ, ਏਐੱਸਆਈ ਸੁਖਦੇਵ ਸਿੰਘ ਅਤੇ ਏਐੱਸਆਈ ਰਾਜਕੁਮਾਰ ਸਮੇਤ ਪੁਲਸ ਟੀਮ ਪਹੁੰਚੀ। ਅਧਿਕਾਰੀਆਂ ਨੇ ਘਰ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਸ ਵੱਲੋਂ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਨੇੜਲੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਤੋਂ ਪਹਿਲਾਂ ਅਤੇ ਬਾਅਦ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲ ਸਕੇ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮੌਤ ਦੇ ਕਾਰਨਾਂ ਅਤੇ ਹਮਲੇ ਬਾਰੇ ਹੋਰ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਘਟਨਾ ਵਿੱਚ ਕਿਸ ਦੀ ਭੂਮਿਕਾ ਹੈ, ਇਸ ਬਾਰੇ ਪੁਲਸ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

