Drug Control Officer conducts surprise inspection of chemist shops
ਕੈਮਿਸਟ ਦੀਆਂ ਦੁਕਾਨਾਂ ਦੀ ਡਰੱਗ ਕੰਟਰੋਲ ਅਫ਼ਸਰ ਨੇ ਕੀਤੀ ਅਚਨਚੇਤ ਚੈਕਿੰਗ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ’ਚ ਕੈਮਿਸਟ ਦੀਆਂ ਦੁਕਾਨਾਂ ਦੀ ਲਗਾਤਾਰ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਵੱਲੋਂ ਮਾਨਸਾ ਸ਼ਹਿਰ ਦੇ ਡਰੱਗ ਹਾਟ-ਸਪੌਟ ਵਜੋਂ ਚਿੰਨ੍ਹਿਤ ਇਲਾਕਿਆਂ ’ਚ ਸਥਿਤ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਦਵਾਈਆਂ ਦੇ ਸਟਾਕ, ਖਰੀਦ-ਵੇਚ ਦੇ ਬਿੱਲਾਂ ਅਤੇ ਦਵਾਈਆਂ ਦੇ ਰਿਕਾਰਡ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ। ਡਰੱਗ ਕੰਟਰੋਲ ਅਫ਼ਸਰ ਸੁਖਬੀਰ ਚੰਦ ਨੇ ਸਮੂਹ ਦਵਾਈ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀ. ਸੀ. ਟੀ. ਵੀ. ਕੈਮਰੇ ਹਰ ਸਮੇਂ ਚਾਲੂ ਹਾਲਤ ’ਚ ਰੱਖੇ ਜਾਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵੀ ਕੈਮਿਸਟ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

