ਫਤਹਿਗੜ ਸਾਹਿਬ ’ਚ ਪੁਤਲੇ ਫੂਕ ਮੁਜ਼ਾਹਰਾ ਪੂਰੀ ਤਰ੍ਹਾਂ ਸਫ਼ਲ, ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਤੇਜ਼ ਕੀਤਾ-ਪੰਜੋਲੀ

ਫਤਹਿਗੜ ਸਾਹਿਬ, 4 ਅਗਸਤ 2025 : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਫਤਹਿਗੜ ਸਾਹਿਬ ’ਚ ਇਕ ਵਿਸ਼ਾਲ ਮੁਜ਼ਾਹਰਾ ਕਰਵਾਇਆ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ। ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਮੁਜ਼ਾਹਰੇ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਸਾਂਝੇ ਰੂਪ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੁੱਕੇ।
ਮੁਜ਼ਾਹਰਾ ਗੁਰਦੂਆਰਾ ਸ੍ਰੀ ਫਤਹਿਗੜ ਸਾਹਿਬ ’ਚ ਸ਼ੁਰੂ ਹੋਇਆ, ਜਿੱਥੇ ਵੱਡੀ ਗਿਣਤੀ ’ਚ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਤਲੇ ਚੁੱਕ ਕੇ ਡੀ ਸੀ ਦਫ਼ਤਰ ਤੱਕ ਮਾਰਚ ਕੀਤਾ। ਮੁਜ਼ਾਹਰੇ ’ਚ ਸ਼ਾਮਿਲ ਜਥੇਬੰਦੀਆਂ ਨੇ ਸਰਕਾਰ ਵਿਰੁੱਧ “ਮੁਰਦਾਬਾਦ” ਦੇ ਨਾਹਰੇ ਲਾਏ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕ੍ਰਾਂਤੀਕਾਰੀ ਯੂਨੀਅਨ, ਰਾਜੇਵਾਲ ਯੂਨੀਅਨ, ਲੱਖੋਵਾਲ ਯੂਨੀਅਨ, ਪੰਜ ਮੈਂਬਰੀ ਭਰਤੀ ਕਮੇਟੀ, ਕਿਸਾਨ ਯੂਨੀਅਨ ਕਾਦੀਆਂ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਅਤੇ ਮਾਨ ਅਕਾਲੀ ਦਲ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ।
ਇਹ ਮੁਜ਼ਾਹਰਾ ਸਰਕਾਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਹੈ। ਸਮਾਜਿਕ ਮੀਡੀਆ ’ਤੇ ਇਸ ਦੀ ਗੂੰਜ ਹੈ, ਜਿੱਥੇ ਸੰਗਤ ਨੇ ਸੰਘਰਸ਼ ਦਾ ਸਮਰਥਨ ਕੀਤਾ।