Punjab University Prepares Major Action Against Fake PhD Degrees
ਪੰਜਾਬ ਯੂਨੀਵਰਸਿਟੀ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ

13 ਜੂਨ 2026, ਚੰਡੀਗੜ੍ਹ – ਪੰਜਾਬ ਯੂਨੀਵਰਸਿਟੀ (PU) ਨੇ ਫ਼ਰਜੀ ਜਾਂ ਵਿਵਾਦਿਤ PhD ਡਿਗਰੀਆਂ ਦੇ ਆਧਾਰ ‘ਤੇ ਨਿਯੁਕਤੀਆਂ ਹਾਸਲ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ ਕਰ ਲਈ ਹੈ। ਯੂਨੀਵਰਸਿਟੀ ਵੱਲੋਂ 17 ਅਜਿਹੇ PhD ਡਿਗਰੀ ਹੋਲਡਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀਆਂ ਡਿਗਰੀਆਂ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਹਨ।
ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀ ਚੰਡੀਗੜ੍ਹ ਦੇ ਨਿੱਜੀ ਕਾਲਜਾਂ ਵਿੱਚ ਨਿਯੁਕਤ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਨਿਯੁਕਤੀਆਂ ਮੇਘਾਲਿਆ ਦੀ CMJ ਯੂਨੀਵਰਸਿਟੀ ਤੋਂ ਪ੍ਰਾਪਤ PhD ਡਿਗਰੀਆਂ ਦੇ ਆਧਾਰ ‘ਤੇ ਹੋਈਆਂ ਸਨ।
ਪੰਜਾਬ ਯੂਨੀਵਰਸਿਟੀ ਨੇ ਸਬੰਧਿਤ ਕਾਲਜਾਂ ਨੂੰ ਨੋਟਿਸ ਜਾਰੀ ਕਰਦਿਆਂ 30 ਦਿਨਾਂ ਦੇ ਅੰਦਰ ਲੋੜੀਂਦੀ ਕਾਰਵਾਈ ਕਰਨ ਅਤੇ ਇਸ ਸਬੰਧੀ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਹ ਮਾਮਲਾ ਕਰੀਬ ਇੱਕ ਦਹਾਕੇ ਤੋਂ ਲੰਬਿਤ ਦੱਸਿਆ ਜਾ ਰਿਹਾ ਹੈ। ਹੁਣ ਯੂਨੀਵਰਸਿਟੀ ਵੱਲੋਂ ਇਸ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਿਤ ਸੰਸਥਾਵਾਂ ਤੋਂ ਜਵਾਬ ਤਲਬ ਕੀਤਾ ਗਿਆ ਹੈ।
ਸਿੱਖਿਆ ਜਗਤ ਵਿੱਚ ਇਸ ਕਾਰਵਾਈ ਨੂੰ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਉੱਚ ਸਿੱਖਿਆ ਸੰਸਥਾਵਾਂ ਵਿੱਚ ਨਿਯੁਕਤੀਆਂ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਮਜ਼ਬੂਤੀ ਮਿਲ ਸਕਦੀ ਹੈ।
