Farmers halted work on the Jammu-Katra Expressway and staged a protest over issues regarding the access route and water drainage
ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
ਪਠਾਨਕੋਟ (ਆਵਾਜ਼ਿ ਕੌਮ ਬਿਊਰੋ)-ਪਠਾਨਕੋਟ ਦੇ ਭੋਆ ਖੇਤਰ ਵਿੱਚ ਬਲਸੂਆ ਪਿੰਡ ਨੇੜੇ ਜੰਮੂ-ਕਟੜਾ ਐਕਸਪ੍ਰੈਸਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਰੋਕ ਦਿੱਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਮੌਕੇ ’ਤੇ ਧਰਨਾ ਦੇ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਐਕਸਪ੍ਰੈਸਵੇਅ ਦੇ ਨਿਰਮਾਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਾਲੇ ਰਸਤਿਆਂ ਅਤੇ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿਰਮਾਣ ਕਾਰਜ ਦੌਰਾਨ ਪਿੰਡਾਂ ਦੇ ਰਵਾਇਤੀ ਰਸਤਿਆਂ ਅਤੇ ਪਾਣੀ ਦੀ ਨਿਕਾਸੀ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਵਿੱਖ ਵਿੱਚ ਪ੍ਰੇਸ਼ਾਨੀ ਨਾ ਹੋਵੇ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਐਕਸਪ੍ਰੈਸਵੇਅ ਦਾ ਕੰਮ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਰਸਤਿਆਂ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

