Former terrorist wanted in 13 criminal cases in Jammu and Kashmir arrested
ਜੰਮੂ-ਕਸ਼ਮੀਰ ਦੇ 13 ਅਪਰਾਧਿਕ ਮਾਮਲਿਆਂ ’ਚ ਲੋੜੀਂਦਾ ਸਾਬਕਾ ਅੱਤਵਾਦੀ ਗ੍ਰਿਫ਼ਤਾਰ
ਜੰਮੂ (ਆਵਾਜ਼ਿ ਕੌਮ ਬਿਊਰੋ)-ਜੰਮੂ-ਕਸ਼ਮੀਰ ਪੁਲਸ ਨੇ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ. ਪੀ. ਓ.) ਦੇ ਕਤਲ ਸਮੇਤ 13 ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਇਕ ਸਾਬਕਾ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅਧਿਕਾਰੀਆਂ ਅਨੁਸਾਰ ਮੁਲਜ਼ਮ ਦੀ ਪਛਾਣ ਮੁਹੰਮਦ ਮੰਸ਼ਾ ਵਜੋਂ ਹੋਈ ਹੈ। ਉਹ ਰਿਆਸੀ ਜ਼ਿਲੇ ਦੇ ਥੂਰੂ ਲਾਸੋਲੀ ਦਾ ਰਹਿਣ ਵਾਲਾ ਹੈ। ਉਸ ਨੂੰ ਰਿਆਸੀ ਪੁਲਸ ਦੀ ਇਕ ਵਿਸ਼ੇਸ਼ ਟੀਮ ਨੇ ਸਥਾਨਕ ਪੁਲਸ ਦੀ ਮਦਦ ਨਾਲ ਅਵੰਤੀਪੋਰਾ ਜ਼ਿਲੇ ਦੇ ਤਰਾਲ ਤੋਂ ਗ੍ਰਿਫ਼ਤਾਰ ਕੀਤਾ। ਰਿਆਸੀ ਦੇ ਪ੍ਰਿੰਸੀਪਲ ਜ਼ਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ 6 ਦਸੰਬਰ, 2001 ਨੂੰ ਉਸ ਖ਼ਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਉਸ ਨੇ 2007 ਵਿਚ ਸੁਰੱਖਿਆ ਫੋਰਸ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਸੀ। ਹਾਲਾਂਕਿ, ਇਸ ਤੋਂ ਬਾਅਦ ਵੀ ਉਹ ਕਾਨੂੰਨੀ ਕਾਰਵਾਈ ਤੋਂ ਬਚਦਾ ਰਿਹਾ। ਉਹ 2000 ਤੋਂ 2007 ਦਰਮਿਆਨ ਦਰਜ 13 ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ। ਇਨ੍ਹਾਂ ਵਿਚ ਕਤਲ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ਅਤੇ ਸਰਕਾਰ ਖ਼ਿਲਾਫ ਜੰਗ ਛੇੜਨ ਵਰਗੇ ਮਾਮਲੇ ਸ਼ਾਮਲ ਹਨ।

