Gangster Goldy Brar on Canada’s ‘most wanted’ list; $250,000 reward announced
ਕੈਨੇਡਾ ਦੀ ‘ਮੋਸਟ ਵਾਂਟੇਡ’ ਸੂਚੀ ‘ਚ ਗੈਂਗਸਟਰ ਗੋਲਡੀ ਬਰਾੜ, 2.5 ਲੱਖ ਡਾਲਰ ਦਾ ਇਨਾਮ ਐਲਾਨਿਆ
ਟੋਰਾਂਟੋ (ਆਵਾਜ਼ਿ ਕੌਮ ਬਿਊਰੋ)-ਭਾਰਤ ਵਿੱਚ ਕਈ ਸੰਗੀਨ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਮਰੀਕੀ ਜਾਂਚ ਏਜੰਸੀ FBI ਤੋਂ ਬਾਅਦ ਹੁਣ ਕੈਨੇਡਾ ਨੇ ਵੀ ਗੋਲਡੀ ਬਰਾੜ ‘ਤੇ ਵੱਡਾ ਇਨਾਮ ਐਲਾਨ ਦਿੱਤਾ ਹੈ। ਕੈਨੇਡਾ ਦੇ ‘ਬੋਲੋ ਪ੍ਰੋਗਰਾਮ’ ਅਤੇ ਵਿਨੀਪੈਗ ਪੁਲਸ ਨੇ ਉਸ ਨੂੰ ਦੇਸ਼ ਦੇ 25 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਨਵੀਂ ਸੂਚੀ ਵਿੱਚ ਪਹਿਲੇ ਸਥਾਨ ‘ਤੇ ਰੱਖਿਆ ਹੈ। ਉਸ ਦੀ ਗ੍ਰਿਫ਼ਤਾਰੀ ਬਾਰੇ ਸੂਚਨਾ ਦੇਣ ਵਾਲੇ ਨੂੰ 2.5 ਲੱਖ ਕੈਨੇਡੀਅਨ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਮਾਮਲਾ ਸਤੰਬਰ 2023 ਵਿੱਚ ਵਿਨੀਪੈਗ ਦੇ ਹੇਜ਼ਲਟਨ ਡਰਾਈਵ ਇਲਾਕੇ ਵਿੱਚ ਹੋਏ 39 ਸਾਲਾ ਸੁਖਦੂਲ ਸਿੰਘ ਗਿੱਲ ਉਰਫ਼ ਸੁੱਖਾ ਦੁੱਨੇਕੇ ਦੇ ਕਤਲ ਨਾਲ ਜੁੜਿਆ ਹੋਇਆ ਹੈ। ਕੈਨੇਡੀਅਨ ਪੁਲਸ ਅਨੁਸਾਰ, ਇਸ ਕਤਲ ਕਾਂਡ ਵਿੱਚ ਫਸਟ-ਡਿਗਰੀ ਮਰਡਰ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ 23 ਫਰਵਰੀ 2026 ਨੂੰ ਗੋਲਡੀ ਬਰਾੜ ਅਤੇ ਉਸ ਦੇ 26 ਸਾਲਾ ਸਾਥੀ ਕਰਨਬੀਰ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਵਿਨੀਪੈਗ ਪੁਲਸ ਨੇ ਗੋਲਡੀ ਬਰਾੜ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਅਹਿਮ ਮੈਂਬਰ ਦੱਸਿਆ ਹੈ, ਜਿਸ ਨੂੰ ਕੈਨੇਡਾ ਸਰਕਾਰ ਵੱਲੋਂ ਪਿਛਲੇ ਸਾਲ ਅੱਤਵਾਦੀ ਸੰਗਠਨ ਐਲਾਨਿਆ ਜਾ ਚੁੱਕਾ ਹੈ। ਪੁਲਸ ਮੁਤਾਬਕ ਬਰਾੜ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਅਮਰੀਕੀ ਏਜੰਸੀ FBI ਨੇ ਵੀ ਗੋਲਡੀ ਬਰਾੜ ਨੂੰ ਆਪਣੀ ‘ਟੌਪ-10 ਮੋਸਟ ਵਾਂਟੇਡ’ ਸੂਚੀ ਵਿੱਚ ਸ਼ਾਮਲ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਲਈ 10 ਲੱਖ ਅਮਰੀਕੀ ਡਾਲਰ ਦਾ ਇਨਾਮ ਰੱਖਿਆ ਸੀ। ਵਿਨੀਪੈਗ ਪੁਲਸ ਦੇ ਡਿਪਟੀ ਚੀਫ਼ ਕੈਮ ਮੈਕਿਡ ਨੇ ਬਰਾੜ ਨੂੰ ਬੇਹੱਦ ਖ਼ਤਰਨਾਕ ਅਪਰਾਧੀ ਕਰਾਰ ਦਿੰਦਿਆਂ ਕਿਹਾ ਕਿ ਹੁਣ ਅਮਰੀਕਾ ਅਤੇ ਕੈਨੇਡਾ ਦੀਆਂ ਪੁਲਸ ਏਜੰਸੀਆਂ ਸਾਂਝੇ ਤੌਰ ‘ਤੇ ਉਸ ਦੀ ਭਾਲ ਕਰ ਰਹੀਆਂ ਹਨ।

