Gangster Joban Billa reaches Punjab after being deported from Indonesia, secret mission lasts for 6 months
ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ ਚੱਲਿਆ ਸੀਕ੍ਰੇਟ ਮਿਸ਼ਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪੁਲਸ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਵੱਡੀ ਸਫ਼ਲਤਾ ਮਿਲੀ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ OFTEC ਪੰਜਾਬ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਫ਼ਰਾਰ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਡਿਪੋਰਟ ਕਰਵਾ ਕੇ ਪੰਜਾਬ ਲਿਆਂਦਾ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਜੋਬਨ ਬਿੱਲਾ ਕਤਲ, ਕਤਲ ਦੀ ਕੋਸ਼ਿਸ਼, ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਜ਼ ਐਕਟ ਸਮੇਤ ਕਈ ਗੰਭੀਰ ਮਾਮਲਿਆਂ ‘ਚ ਲੋੜੀਂਦਾ ਸੀ। ਉਸ ਖ਼ਿਲਾਫ਼ ਪੰਜਾਬ ‘ਚ ਚਾਰ ਕਤਲ ਦੇ ਕੇਸ ਦਰਜ ਹਨ ਅਤੇ ਉਹ ਕਈ ਦੇਸ਼ਾਂ ‘ਚ ਰਹਿ ਕੇ ਗ੍ਰਿਫ਼ਤਾਰੀ ਤੋਂ ਬਚਦਾ ਫਿਰ ਰਿਹਾ ਸੀ। ਡੀ. ਜੀ. ਪੀ. ਗੌਰਵ ਯਾਦਵ ਮੁਤਾਬਕ ਇਹ ਕਾਰਵਾਈ ‘ਆਪਰੇਸ਼ਨ ਨੋਮੈਡ ਹੰਟ’ ਦੇ ਤਹਿਤ 6 ਮਹੀਨੇ ਤੱਕ ਚੱਲੇ ਖ਼ੁਫ਼ੀਆ ਮਿਸ਼ਨ ਦਾ ਨਤੀਜਾ ਹੈ। ਇਸ ਦੌਰਾਨ ਲਗਾਤਾਰ ਨਿਗਰਾਨੀ, ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਰਾਹੀਂ ਇਸ ਮੁਲਜ਼ਮ ਨੂੰ ਕਾਨੂੰਨ ਦੇ ਘੇਰੇ ‘ਚ ਲਿਆਂਦਾ ਗਿਆ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕੇ ਫ਼ਰਾਰ ਅਪਰਾਧੀਆਂ ਨੂੰ ਕਾਨੂੰਨ ਦੇ ਕਟਘਰੇ ਤੱਕ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

