Gold Cleaning Service Begins at Sachkhand Sri Harmandir Sahib

Gold Cleaning Service Begins at Sachkhand Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ

Gold Cleaning and Maintenance Service Commences at Sachkhand Sri Harmandir Sahib – Nishkam Seva by Guru Nanak Nishkam Sevak Jatha Birmingham

06 ਮਾਰਚ 2026, ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦਾਂ ‘ਤੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ਼-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਰਸਮੀ ਤੌਰ ‘ਤੇ ਆਰੰਭ ਕੀਤੀ ਗਈ ਹੈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੇਵਾ ਆਰੰਭ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਅਤੇ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ‘ਤੇ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਹ ਸੇਵਾ ਨਿਸ਼ਕਾਮ ਰੂਪ ਵਿੱਚ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਵੱਲੋਂ ਕੀਤੀ ਜਾਂਦੀ ਹੈ। ਇਸ ਵਾਰ ਸੇਵਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗੁੰਬਦ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਗੁੰਬਦ ਅਤੇ ਘੰਟਾ ਘਰ ਡਿਓੜੀ ਦੇ ਗੁੰਬਦਾਂ ਦੇ ਸੋਨੇ ਦੀ ਧੁਆਈ ਕੀਤੀ ਜਾਵੇਗੀ। ਅੰਦਰਲੇ ਹਿੱਸੇ ਵਿੱਚ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਮੁਰੰਮਤ ਵੀ ਨਿਰੰਤਰ ਚੱਲ ਰਹੀ ਹੈ।

ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਜਥਾ ਹਰ ਸਾਲ ਇਹ ਸੇਵਾ ਨਿਭਾਉਂਦਾ ਹੈ। ਇਸ ਵਾਰ ਵੀ ਸੰਗਤਾਂ ਵਿਸ਼ੇਸ਼ ਤੌਰ ‘ਤੇ ਸੇਵਾ ਲਈ ਆਈਆਂ ਹਨ। ਸੇਵਾ ਕਰੀਬ 10-12 ਦਿਨ ਚੱਲੇਗੀ ਅਤੇ ਕੁਦਰਤੀ ਢੰਗ ਨਾਲ ਰੀਠੇ ਦੇ ਪਾਣੀ ਅਤੇ ਨਿੰਬੂ ਦੇ ਰਸ ਨਾਲ ਕੀਤੀ ਜਾਵੇਗੀ, ਜਿਸ ਵਿੱਚ ਕੋਈ ਰਸਾਇਣ ਨਹੀਂ ਵਰਤਿਆ ਜਾਂਦਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਰਾਜਿੰਦਰ ਸਿੰਘ ਮਹਿਤਾ, ਫੁੰਮਣ ਸਿੰਘ, ਬਾਬਾ ਸਤਨਾਮ ਸਿੰਘ, ਸਿੱਖ ਵਿਦਵਾਨ ਗੁਰਬਖ਼ਸ਼ ਸਿੰਘ ਗੁਲਸ਼ਨ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ, ਗੁਰਵਿੰਦਰ ਸਿੰਘ ਦੇਵੀਦਾਸਪੁਰਾ ਅਤੇ ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਗੁਰਦਿਆਲ ਸਿੰਘ, ਗੁਰਨਾਮ ਸਿੰਘ, ਅੰਮ੍ਰਿਤਪਾਲ ਸਿੰਘ, ਸੋਮਾ ਸਿੰਘ, ਇਕਬਾਲ ਸਿੰਘ, ਸ਼ਮਸ਼ੇਰ ਸਿੰਘ ਜੇਈ ਸਮੇਤ ਸੰਗਤਾਂ ਹਾਜ਼ਰ ਸਨ।