Government opens door for dialogue in Parvinder Jhota case; 3-member women’s committee arrives in Mansa
ਪਰਵਿੰਦਰ ਝੋਟਾ ਮਾਮਲੇ ’ਚ ਸਰਕਾਰ ਨੇ ਗੱਲਬਾਤ ਦਾ ਰਾਹ ਖੋਲ੍ਹਿਆ, 3 ਮੈਂਬਰੀ ਮਹਿਲਾ ਕਮੇਟੀ ਪੁੱਜੀ ਮਾਨਸਾ
ਮਾਨਸਾ (ਆਵਾਜ਼ਿ ਕੌਮ ਬਿਊਰੋ)-ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਆਖ਼ਰਕਾਰ ਐਕਸ਼ਨ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹ ਦਿੱਤਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਤਿੰਨ ਮਹਿਲਾ ਆਈ. ਏ. ਐੱਸ. ਅਧਿਕਾਰੀਆਂ ਦੀ ਕਮੇਟੀ ਗੈਰ-ਰਸਮੀ ਤੌਰ ’ਤੇ ਬਣਾਈ ਗਈ ਹੈ, ਜੋ ਮਾਨਸਾ ‘ਚ ਸੰਘਰਸ਼ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਅੱਜ ਸ਼ਾਮ ਦੋਵਾਂ ਧਿਰਾਂ ਦਰਮਿਆਨ ਮੁੱਢਲੇ ਪੜਾਅ ਦੀ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ‘ਚ 2007 ਬੈਚ ਦੀ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈ. ਏ. ਐੱਸ. ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦੋਂ ਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ‘ਚ ਹੈ। ਜਾਣਕਾਰੀ ਅਨੁਸਾਰ ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਅੱਜ ਸ਼ਾਮ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸੁਲਝਾਉਣ ਲਈ ਸਰਕਾਰ ਵੱਲੋਂ ਪਹਿਲਕਦਮੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਥਾਨਕ ਪੁਲਸ ਅਧਿਕਾਰੀ ਸੰਘਰਸ਼ ਕਰ ਰਹੀ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਐਕਸ਼ਨ ਕਮੇਟੀ ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਰੀਬ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਦੇ ਉੱਚ ਪੱਧਰੀ ਅਧਿਕਾਰੀ ਗੱਲਬਾਤ ਲਈ ਅੱਗੇ ਆਏ ਹਨ ਐਕਸ਼ਨ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ. ਜੀ. ਪੀ. ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਇਸ ਮੰਗ ਨੂੰ ਲੈ ਕੇ ਮਾਨਸਾ ‘ਚ ਜਨਤਕ ਜੱਥੇਬੰਦੀਆਂ ਦੀ ਅਗਵਾਈ ਹੇਠ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ‘ਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਬਾਅਦ ਸ਼ਹਿਰ ‘ਚ ਰੋਸ ਲਗਾਤਾਰ ਵੱਧਦਾ ਗਿਆ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਨਤਕ ਜੱਥੇਬੰਦੀਆਂ ਨੇ ਇਕੱਠੇ ਹੋ ਕੇ ਐਕਸ਼ਨ ਕਮੇਟੀ ਬਣਾਈ। ਕਮੇਟੀ ਦੀ ਅਗਵਾਈ ਹੇਠ ਪਿਛਲੇ 6 ਦਿਨਾਂ ਤੋਂ ਮੋਰਚਾ ਜਾਰੀ ਹੈ। ਇਸ ਦੌਰਾਨ ਅੱਜ ਐਕਸ਼ਨ ਕਮੇਟੀ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਲਾਹਨਤੀ ਪੱਤਰ ਸੌਂਪਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਲਕੇ ਦਸਹਿਰੇ ਮੌਕੇ ਮਾਨਸਾ ਪਹੁੰਚਣ ਦੀ ਗੱਲ ਵੀ ਕਹੀ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਐਕਸ਼ਨ ਕਮੇਟੀ ਦਰਮਿਆਨ ਹੋਣ ਵਾਲੀ ਗੱਲਬਾਤ ’ਤੇ ਟਿਕੀਆਂ ਹੋਈਆਂ ਹਨ। ਇਹ ਗੱਲਬਾਤ ਸੰਘਰਸ਼ ਨੂੰ ਖ਼ਤਮ ਕਰਨ ਅਤੇ ਮਾਮਲੇ ਦੇ ਹੱਲ ਵੱਲ ਕੋਈ ਰਾਹ ਖੋਲ੍ਹਦੀ ਹੈ ਜਾਂ ਨਹੀਂ, ਇਸ ਬਾਰੇ ਸਥਿਤੀ ਗੱਲਬਾਤ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

