Gunfire erupted in Batala, creating an atmosphere of panic among the people
ਬਟਾਲਾ ‘ਚ ਚੱਲੀਆਂ ਗੋਲੀਆਂ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਬਟਾਲਾ (ਆਵਾਜ਼ਿ ਕੌਮ ਬਿਊਰੋ)-ਬਟਾਲਾ ਦੇ ਕੋਲ ਪਿੰਡ ਸੀਰਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਪੁਰਾਣੀ ਰੰਜਿਸ਼ ਦੇ ਝਗੜੇ ਵਿੱਚ ਵੱਡੇ ਪੱਧਰ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਪਿੰਡ ਸੀਰਾ ਦਾ ਰਹਿਣ ਵਾਲਾ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ਕਈ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿੱਚ ਡਰ ਦੇਖਿਆ ਗਿਆ। ਜਾਣਕਾਰੀ ਮੁਤਾਬਕ, ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ, ਜਿਸ ਨੇ ਕੁਝ ਹੀ ਦੇਰ ਵਿੱਚ ਹਿੰਸਕ ਰੂਪ ਲੈ ਲਿਆ। ਇਸ ਦੌਰਾਨ ਕਥਿਤ ਤੌਰ ‘ਤੇ ਇੱਕ ਧਿਰ ਨੇ ਦੂਜੇ ਧਿਰ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਮਨਪਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਡਾਕਟਰਾਂ ਅਨੁਸਾਰ ਜ਼ਖ਼ਮੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਤਰਾਂ ਅਨੁਸਾਰ ਪਿੰਡ ਦੇ ਹੀ ਇੱਕ ਵਿਅਕਤੀ ‘ਤੇ ਗੋਲੀ ਚਲਾਉਣ ਦਾ ਆਰੋਪ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ (DSP) ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਤੋਂ ਹੀ ਰੰਜਿਸ਼ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਹੋਈ ਕਹਾਸੁਣੀ ਤੋਂ ਬਾਅਦ ਉਕਤ ਵਿਅਕਤੀ ਨੇ ਮਨਪਿੰਦਰ ‘ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਐੱਸਐੱਚਓ (SHO) ਘਣੀਕੇ ਬਾਂਗੜ ਨੂੰ ਜ਼ਖ਼ਮੀ ਦੇ ਬਿਆਨ ਦਰਜ ਕਰਨ ਲਈ ਭੇਜਿਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਜਾਰੀ ਸੀ।

