Gurdwara Shaheed Ganj Sahib decorated with 100 quintals of colorful, exotic flowers on the martyrdom anniversary
ਸ਼ਹੀਦੀ ਦਿਹਾੜੇ ‘ਤੇ 100 ਕੁਇੰਟਲ ਰੰਗ-ਬਿਰੰਗੇ ਵਿਦੇਸ਼ੀ ਫੁੱਲਾਂ ਨਾਲ ਹੋਈ ਗੁ.ਸ਼ਹੀਦ ਗੰਜ ਸਾਹਿਬ ਦੀ ਸਜਾਵਟ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 15 ਨਵੰਬਰ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਤਹਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 15 ਨਵੰਬਰ ਨੂੰ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਗਮ ਦੇ ਪ੍ਰਬੰਧ ਲੱਗਭਗ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਨੂੰ ਲੱਗਭਗ 100 ਕੁਇੰਟਲ ਵੱਖ-ਵੱਖ ਕਿਸਮਾਂ ਦੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਫੁੱਲਾਂ ਦੀ ਸਜਾਵਟ ਲਈ ਸੇਵਾਦਾਰਾਂ ਦੇ ਨਾਲ ਬਾਹਰੋਂ ਵਿਸ਼ੇਸ਼ ਕਾਰੀਗਰ ਵੀ ਪਹੁੰਚੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਦੇ ਨਤਮਸਤਕ ਹੋਣ ਦੀ ਸੰਭਾਵਨਾ ਹੈ। ਇਸ ਲਈ ਸੰਗਤਾਂ ਵੱਲੋਂ ਵੀ ਵੱਡੇ ਪੱਧਰ ’ਤੇ ਲੰਗਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਗੁਰੂ ਘਰ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸੇ ਦੌਰਾਨ ਸੇਵਕ ਜਥਾ ਕੜਾਹ ਪ੍ਰਸ਼ਾਦ ਦੇ ਸਰਪ੍ਰਸਤ ਜਗਜੀਤ ਸਿੰਘ ਖਾਲਸਾ ਅਤੇ ਪ੍ਰਧਾਨ ਸਤਿੰਦਰ ਪਾਲ ਸਿੰਘ ਜੋਨੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ 15 ਨਵੰਬਰ ਨੂੰ ਹੋਣ ਵਾਲੇ ਧਾਰਮਿਕ ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਸਿਮਰਜੀਤ ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਭਾਈ ਗੁਰਇਕਬਾਲ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ, ਡਾ. ਜਤਿੰਦਰ ਪਾਲ ਸਿੰਘ, ਸਿੱਖ ਮਿਸ਼ਨਰੀ ਕਾਲਜ ਅਤੇ ਭਾਈ ਕੇਵਲ ਸਿੰਘ ਮਹਿਤਾ ਦਾ ਕਵੀਸ਼ਰੀ ਜਥਾ ਸਮੇਤ ਹੋਰ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਗੁਰਬਾਣੀ ਕੀਰਤਨ, ਕਥਾ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਵੱਖ-ਵੱਖ ਪ੍ਰਚਾਰਕ ਬਾਬਾ ਦੀਪ ਸਿੰਘ ਜੀ ਦੇ ਲਾਸਾਨੀ ਜੀਵਨ, ਸਿੱਖੀ ਸਿਦਕ ਅਤੇ ਮਹਾਨ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ। ਇਸ ਮੌਕੇ ਅੰਮ੍ਰਿਤ ਪਾਲ ਸਿੰਘ, ਬਲਦੇਵ ਸਿੰਘ ਧੁੰਨ, ਕੁਲਵੰਤ ਸਿੰਘ, ਮੀਤ ਮੈਨੇਜਰ ਅਮਰਜੀਤ ਸਿੰਘ ਅਤੇ ਕੁਲਦੀਪ ਸਿੰਘ ਵੀ ਹਾਜ਼ਰ ਸਨ।

