ਹਰਦੀਪ ਸਿੰਘ ਗਿੱਲ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨਿਯੁਕਤ

24 ਫ਼ਰਵਰੀ 2026, ਅੰਮ੍ਰਿਤਸਰ – ਕੇਂਦਰ ਸਰਕਾਰ ਨੇ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਸ਼ਾਸਨ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ ਦਲਿਤ ਸਿੱਖ ਭਾਈਚਾਰੇ ਨੂੰ ਰਾਸ਼ਟਰੀ ਪੱਧਰ ‘ਤੇ ਮਹੱਤਵਪੂਰਨ ਨੁਮਾਇੰਦਗੀ ਦਿੱਤੀ ਹੈ। ਰਾਸ਼ਟਰਪਤੀ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ (ਭਾਜਪਾ) ਸ੍ਰੀ ਹਰਦੀਪ ਸਿੰਘ ਗਿੱਲ ਨੂੰ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕਮਿਸ਼ਨ ਵਿੱਚ ਇਹ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਸੀ ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਅਧਿਸੂਚਨਾ ਰਾਹੀਂ ਭਰਿਆ ਗਿਆ ਹੈ। ਇਹ ਨਿਯੁਕਤੀ ਨਾ ਸਿਰਫ਼ ਪੰਜਾਬ ਲਈ, ਸਗੋਂ ਦੇਸ਼ ਭਰ ਦੇ ਦਲਿਤ ਸਿੱਖ ਸਮਾਜ ਲਈ ਮਾਣ ਅਤੇ ਗੌਰਵ ਦਾ ਵਿਸ਼ਾ ਹੈ। ਪਹਿਲੀ ਵਾਰ ਕਿਸੇ ਦਲਿਤ ਸਿੱਖ ਨੂੰ ਇਸ ਤਰ੍ਹਾਂ ਦੇ ਮਹੱਤਵਪੂਰਨ ਕਮਿਸ਼ਨ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਪਹਿਲਾਂ ਸਾਬਕਾ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹੇ ਸਨ, ਪਰ ਉਸ ਤੋਂ ਬਾਅਦ ਅਜਿਹੀ ਨੁਮਾਇੰਦਗੀ ਨਹੀਂ ਮਿਲੀ ਸੀ।
ਸ੍ਰੀ ਹਰਦੀਪ ਸਿੰਘ ਗਿੱਲ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸਰਗਰਮ ਭੂਮਿਕਾ ਨਿਭਾ ਰਹੇ ਸਨ। ਉਹ ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚੇ ਦੇ ਜਨਰਲ ਸਕੱਤਰ ਵੀ ਰਹੇ ਹਨ ਅਤੇ ਸੰਗਠਨਾਤਮਕ ਪੱਧਰ ‘ਤੇ ਮਜ਼ਬੂਤ ਪਕੜ ਰੱਖਦੇ ਹਨ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਆਗੂਆਂ ਨਾਲ ਵੀ ਉਨ੍ਹਾਂ ਦੀ ਨੇੜਤਾ ਰਹੀ ਹੈ।
ਆਪਣੀ ਨਵੀਂ ਜ਼ਿੰਮੇਵਾਰੀ ਲਈ ਸ੍ਰੀ ਹਰਦੀਪ ਸਿੰਘ ਗਿੱਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ, ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਸ੍ਰੀਨਿਵਾਸਲੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਸਫਾਈ ਕਰਮਚਾਰੀਆਂ ਦੇ ਹੱਕਾਂ ਤੇ ਭਲਾਈ ਲਈ ਅਵਾਜ਼ ਉਠਾਉਂਦੇ ਰਹਿਣਗੇ।
ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਪ੍ਰੋ. ਸਰਚਾਂਦ ਸਿੰਘ ਖਿਆਲਾ, ਭਾਜਪਾ ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਜਸਬੀਰ ਸਿੰਘ ਮਹਿਰਾਜ ਅਤੇ ਹੋਰ ਆਗੂਆਂ ਨੇ ਵਧਾਈਆਂ ਦਿੱਤੀਆਂ। ਇਹ ਨਿਯੁਕਤੀ ਪੰਜਾਬ ਵਿੱਚ ਦਲਿਤ ਸਿੱਖ ਸਮਾਜ ਦੀ ਰਾਜਨੀਤਕ ਅਤੇ ਪ੍ਰਸ਼ਾਸਕੀ ਭਾਗੀਦਾਰੀ ਨੂੰ ਨਵੀਂ ਦਿਸ਼ਾ ਦੇਵੇਗੀ ਅਤੇ ਕੇਂਦਰ ਸਰਕਾਰ ਦੇ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ” ਦੇ ਸਿਧਾਂਤ ਨੂੰ ਹੋਰ ਮਜ਼ਬੂਤ ਕਰੇਗੀ।

