Hazur Sahib Amendment Bill to Proceed Only After Panthic Consensus, Says Sant Giani Harnam Singh Ji
ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਯਤਨਾਂ ਨੂੰ ਮਿਲੀ ਸਫ਼ਲਤਾ

30 ਜੂਨ 2026, ਚੰਡੀਗੜ੍ਹ/ਨੰਦੇੜ –ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਜੀ ਵੱਲੋਂ ਨਾਮਜ਼ਦ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਚੰਦਰਸ਼ੇਖਰ ਬਾਵਨਕੁਲੇ ਵਿਚਕਾਰ ਹੋਈ ਅਹਿਮ ਮੀਟਿੰਗ ਤੋਂ ਬਾਅਦ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਸੋਧ ਬਿੱਲ ਬਾਰੇ ਮਹੱਤਵਪੂਰਨ ਸਹਿਮਤੀ ਬਣੀ ਹੈ।

ਮੀਟਿੰਗ ਦੌਰਾਨ ਮਹਾਰਾਸ਼ਟਰ ਸਰਕਾਰ ਦੇ ਪ੍ਰਤੀਨਿਧੀਆਂ ਨੇ ਭਰੋਸਾ ਦਿੱਤਾ ਕਿ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਲ ਸਬੰਧਤ ਸੋਧ ਬਿੱਲ ਨੂੰ ਕਿਸੇ ਵੀ ਹਾਲਤ ਵਿੱਚ ਜਲਦਬਾਜ਼ੀ ਨਾਲ ਪਾਸ ਨਹੀਂ ਕੀਤਾ ਜਾਵੇਗਾ। ਬਿੱਲ ਨੂੰ ਪਹਿਲਾਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ 11 ਮੈਂਬਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਅਤੇ ਸਮੀਖਿਆ ਲਈ ਰੱਖਿਆ ਜਾਵੇਗਾ। ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਅਤੇ ਸਿਫ਼ਾਰਸ਼ਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ।
ਇਸ ਸਬੰਧੀ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਵੱਲੋਂ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਦੀ ਅਗਵਾਈ ਹੇਠ ਭੇਜੇ ਗਏ ਵਫ਼ਦ ਨੇ ਵੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸੋਧ ਬਿੱਲ ਦੇ ਵੱਖ-ਵੱਖ ਪਹਿਲੂਆਂ ਅਤੇ ਪੰਥਕ ਭਾਵਨਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ।
ਸਾਰੀਆਂ ਮੀਟਿੰਗਾਂ ਤੋਂ ਬਾਅਦ ਇਹ ਸਹਿਮਤੀ ਬਣੀ ਕਿ ਬਿੱਲ ਸਬੰਧੀ ਕਿਸੇ ਵੀ ਤਰ੍ਹਾਂ ਦਾ ਅੰਤਿਮ ਫ਼ੈਸਲਾ ਲੈਣ ਤੋਂ ਪਹਿਲਾਂ ਸਮੁੱਚੀਆਂ ਸਿੱਖ ਸੰਗਤਾਂ, ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸੰਪਰਦਾਵਾਂ ਅਤੇ ਹੋਰ ਸਿੱਖ ਸੰਸਥਾਵਾਂ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਸਾਰੀਆਂ ਧਿਰਾਂ ਦੀ ਸਹਿਮਤੀ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਸੋਧ ਬਿੱਲ ਨੂੰ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਪੇਸ਼ ਕਰਕੇ ਪਾਸ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।

ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਨਾਲ ਜੁੜੇ ਧਾਰਮਿਕ ਅਤੇ ਇਤਿਹਾਸਕ ਅਦਾਰਿਆਂ ਦੇ ਮਾਮਲਿਆਂ ਵਿੱਚ ਹਰ ਫ਼ੈਸਲਾ ਸਮੁੱਚੇ ਪੰਥ ਦੀ ਭਾਵਨਾ, ਗੁਰਮਤਿ ਮਰਿਆਦਾ ਅਤੇ ਆਪਸੀ ਸਹਿਮਤੀ ਦੇ ਆਧਾਰ ’ਤੇ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਥਕ ਏਕਤਾ ਅਤੇ ਸਲਾਹ-ਮਸ਼ਵਰਾ ਹੀ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਦਾ ਸਭ ਤੋਂ ਉਚਿਤ ਹੱਲ ਹੈ।
