Hearing on petitions related to Delhi protests adjourned until October 15 in the Supreme Court
ਸੁਪਰੀਮ ਕੋਰਟ ‘ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ 10 ਅਕਤੂਬਰ ਨੂੰ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਪਹਿਲਾਂ ਮੈਟਰੋ ਸਟੇਸ਼ਨ ਬੰਦ ਕੀਤੇ ਜਾਣ ਅਤੇ ਟਰੇਨ ਸੇਵਾਵਾਂ ‘ਚ ਵਿਘਨ ਪਾਉਣ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਣਵਾਈ ਜੱਜ ਵੀ. ਮੋਹਨਾ ਦੀ ਸਿਹਤ ਠੀਕ ਨਾ ਹੋਣ ਕਾਰਨ ਵੀਰਵਾਰ ਤੱਕ ਟਾਲ ਦਿੱਤੀ। ਮੰਗਲਵਾਰ ਨੂੰ ਚੀਫ਼ ਜਸਟਿਸ (ਸੀਜੇਆਈ) ਸੂਰੀਆਕਾਂਤ ਅਤੇ ਜੱਜ ਜੋਇਮਲਿਆ ਬਾਗਚੀ ਅਤੇ ਜੱਜ ਵੀ. ਮੋਹਨਾ ਦੀ ਬੈਂਚ ਨੇ ਕਈ ਪਟੀਸ਼ਨਾਂ ‘ਤੇ ਮਹੱਤਵਪੂਰਨ ਸੁਣਵਾਈ ਕਰਨੀ ਸੀ। ਸਿਹਤ ਠੀਕ ਨਾ ਹੋਣ ਦੇ ਬਾਵਜੂਦ ਜੱਜ ਮੋਹਨਾ ਮੰਗਲਵਾਰ ਨੂੰ ਸੁਣਵਾਈ ‘ਚ ਸ਼ਾਮਲ ਹੋਏ। ਸੁਣਵਾਈ ਦੀ ਸ਼ੁਰੂਆਤ ‘ਚ ਸੀਜੇਆਈ ਨੇ ਵਕੀਲਾਂ ਨੂੰ ਕਿਹਾ ਕਿ ਜੱਜ ਮੋਹਨਾ ਦੀ ਸਿਹਤ ਖ਼ਰਾਬ ਹੈ ਪਰ ਇਸ ਦੇ ਬਾਵਜੂਦ ਉਹ ਅਦਾਲਤ ਆਏ ਹਨ। ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੇ ਬੈਂਚ ਨੂੰ ਸੁਣਵਾਈ ਟਾਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਣਾ ਚਾਹੀਦਾ। ਸੀਨੀਅਰ ਐਡਵੋਕੇਟ ਗੋਪਾਲ ਸ਼ੰਕਰਨਾਰਾਇਣਨ ਅਤੇ ਦੂਜੇ ਵਕੀਲਾਂ ਨੇ ਵੀ ਸੁਣਵਾਈ ਟਾਲਣ ‘ਤੇ ਸਹਿਮਤੀ ਜਤਾਈ। ਮੇਹਤਾ ਨੇ ਬੈਂਚ ਨੂੰ ਦੱਸਿਆ ਕਿ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਮੈਟਰੋ ਅਤੇ ਰੇਲ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਾ ਕਰਨ ਦੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਲਈ ਦਾਇਰ ਕੀਤੀ ਗਈ ਮਾਣਹਾਨੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਮੰਗਲਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਮੇਹਤਾ ਨੇ ਕਿਹਾ, “ਹਲਫ਼ਨਾਮਾ ਤਿਆਰ ਹੈ। ਮੈਂ ਇਸ ਨੂੰ ਹੋਰ ਵਿਸਤ੍ਰਿਤ ਬਣਾਉਣ ਲਈ ਇਸ ‘ਚ ਕੁਝ ਹੋਰ ਗੱਲਾਂ ਜੋੜਨਾ ਚਾਹੁੰਦਾ ਹਾਂ।” ਬੈਂਚ ਨੇ ਹਲਫ਼ਨਾਮਾ ਦਾਇਰ ਕਰਨ ਦਾ ਸਮਾਂ ਵਧਾ ਦਿੱਤਾ ਅਤੇ ਕਿਹਾ ਕਿ ਇਸ ਦੀ ਇਕ ਕਾਪੀ ਪਟੀਸ਼ਨਕਰਤਾਵਾਂ ਵੱਲੋਂ ਪੇਸ਼ ਹੋਣ ਵਾਲੇ ਵਕੀਲਾਂ ਨੂੰ ਵੀ ਦਿੱਤੀ ਜਾਵੇ।

