Heavy rains to continue for four days in Punjab, Meteorological Department warns people
ਪੰਜਾਬ ‘ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੂਰੇ ਪੰਜਾਬ ’ਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਸੂਬੇ ’ਚ ਅਗਲੇ ਚਾਰ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਮੋਹਾਲੀ, ਹੁਸ਼ਿਆਰਪੁਰ ਅਤੇ ਰੂਪਨਗਰ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਜਲੰਧਰ ਸਮੇਤ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੇ ਆਸਾਰ ਹਨ ਪਰ ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਭਾਰੀ ਮੀਂਹ ਦੌਰਾਨ ਨੀਵੇਂ ਇਲਾਕਿਆਂ ’ਚ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਪ੍ਰਸ਼ਾਸਨ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ’ਚ ਮਾਨਸੂਨ ਦਾ ਮੀਂਹ ਔਸਤ ਨਾਲੋਂ ਵੱਧ ਅਤੇ 12 ਜ਼ਿਲ੍ਹਿਆਂ ’ਚ ਔਸਤ ਨਾਲੋਂ ਘੱਟ ਰਿਹਾ ਹੈ। ਪਠਾਨਕੋਟ, ਫ਼ਰੀਦਕੋਟ ਅਤੇ ਗੁਰਦਾਸਪੁਰ ਅਜਿਹੇ ਜ਼ਿਲ੍ਹੇ ਹਨ, ਜਿੱਥੇ ਹੁਣ ਤੱਕ ਸਭ ਤੋਂ ਵੱਧ ਮੀਂਹ ਪਿਆ ਹੈ ਜਦਕਿ ਫ਼ਾਜ਼ਿਲਕਾ, ਹੁਸ਼ਿਆਰਪੁਰ ਤੇ ਕਪੂਰਥਲਾ ’ਚ ਸਭ ਤੋਂ ਘੱਟ ਮੀਂਹ ਪਿਆ ਹੈ।

