Heroin and weapons consignment recovered from fields of border village Talwandi Goraya
ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦੇ ਖੇਤਾਂ ’ਚੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ
ਗੁਰਦਾਸਪੁਰ/ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਆਵਾਜ਼ਿ ਕੌਮ ਬਿਊਰੋ)-ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਲੋਂ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜ਼ਾਮ ਦਿੰਦੇ ਹੋਏ ਡਰੋਨ ਗਤੀਵਿਧੀਆਂ ਰਾਹੀਂ ਭਾਰਤੀ ਸਰਹੱਦ ਅੰਦਰ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਖੇਪ ਭੇਜੀ ਜਾ ਰਹੀ ਹੈ ਪਰ ਬੀ. ਐੱਸ. ਐੱਫ. ਅਤੇ ਪੁਲਸ ਦੇ ਬਹਾਦਰ ਅਤੇ ਮੁਸਤੈਦ ਜਵਾਨਾਂ ਵਲੋਂ ਪਾਕਿਸਤਾਨ ਦੀਆਂ ਸਾਰੀਆਂ ਨਾਪਾਕ ਹਰਕਤਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਵਿਖੇ ਬੀ. ਐੱਸ. ਐੱਫ ਅਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 ਪਿਸਤੌਲ, 6 ਮੈਗਜ਼ੀਨ, 50 ਰੌਂਦ ਗੋਲੀਆਂ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ 27 ਬਟਾਲੀਅਨ ਵੱਲੋਂ ਪੁਲਸ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਗਈ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਗਤੀਵਿਧੀ ਰਾਹੀਂ ਪਿੰਡ ਤਲਵੰਡੀ ਗੁਰਾਇਆ ਦੇ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿਚ ਇਕ ਪੈਕਟ ਸੁੱਟਿਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਬੀ. ਐੱਸ. ਐੱਫ. ਅਤੇ ਪੁਲਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਖੇਤਾਂ ਵਿਚੋਂ ਮਿਲੇ ਪੈਕਟ ਦੀ ਜਾਂਚ ਕਰਨ ’ਤੇ ਉਸ ਵਿਚੋਂ 1 ਕਿਲੋ 970 ਗ੍ਰਾਮ ਹੈਰੋਇਨ, 30 ਬੋਰ ਦੇ 3 ਪਿਸਤੌਲ, 6 ਮੈਗਜ਼ੀਨ ਅਤੇ 50 ਰੌਂਦ ਬਰਾਮਦ ਹੋਏ। ਇਸ ਤੋਂ ਇਲਾਵਾ ਨੇੜਲੇ ਇਲਾਕੇ ਵਿਚੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਮੋਟਰਸਾਈਕਲ ਦੇ ਇੰਜਣ ਅਤੇ ਚੈਸੀ ਨੰਬਰ ਟਰੇਸ ਕਰਨ ਦੇ ਨਾਲ-ਨਾਲ ਹੋਰ ਵੱਖ-ਵੱਖ ਸਾਧਨਾਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

