I gained nothing in the BJP in four years: Captain Amarinder Singh
ਚਾਰਾਂ ਸਾਲਾਂ ‘ਚ ਮੈਂ ਭਾਜਪਾ ‘ਚ ਕੁਝ ਨਹੀਂ ਖੱਟਿਆ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਨਾਲ ਚਾਰ ਸਾਲਾਂ ਵਿਚ ਉਨ੍ਹਾਂ ਨੇ ਅਸਲ ’ਚ ਕੁਝ ਵੀ ਨਹੀਂ ਖੱਟਿਆ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਪਣੀ ਪਾਰਟੀ ਬਣਾਈ ਸੀ ਤੇ ਫ਼ਿਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿਚ ਵਾਪਸ ਜਾਣ ਦੀਆਂ ਸੰਭਾਵਨਾਵਾਂ ਤੋਂ ਵੀ ਇਨਕਾਰ ਕੀਤਾ ਹੈ। ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਤੁਸੀਂ ਕਿਸੇ ਪਾਰਟੀ ਵਿਚ ਸ਼ਾਮਲ ਹੁੰਦੇ ਹੋ, ਤਾਂ ਤੁਸੀਂ ਉਮੀਦ ਕਰਦੇ ਹੋ ਕਿ ਤੁਹਾਡੇ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਸਮਝਣ ਵਿਚ ਤਕਰੀਬਨ 60 ਸਾਲ ਬਿਤਾਏ ਹਨ ਤੇ ਉਹ ਸੂਬੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਪਾਰਟੀ ਬਦਲਣ ਬਾਰੇ ਪੁੱਛੇ ਜਾਣ ‘ਤੇ ਕੈਪਟਨ ਨੇ ਕਿਹਾ ਕਿ ਉਹ ਭਾਜਪਾ ਵਿਚ ਹੀ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਨੇ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀ ਇਕ ਵਾਰ ਫ਼ਿਰ ਤੋਂ ਵਕਾਲਤ ਕੀਤੀ ਹੈ।

