Jagtar Singh Hawara will not be shifted to a Punjab jail; major revelation by the Intelligence Bureau
ਪੰਜਾਬ ਦੀ ਜੇਲ੍ਹ ‘ਚ ਤਬਦੀਲ ਨਹੀਂ ਕੀਤਾ ਜਾਵੇਗਾ ਜਗਤਾਰ ਸਿੰਘ ਹਵਾਰਾ, ਖ਼ੁਫ਼ੀਆ ਬਿਊਰੋ ਵਲੋਂ ਵੱਡਾ ਖੁਲਾਸਾ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਖ਼ੁਫ਼ੀਆ ਬਿਊਰੋ (ਆਈ. ਬੀ.) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਨਾਲ ਆਗਾਮੀ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਆਈ. ਬੀ. ਨੇ ਸੁਪਰੀਮ ਕੋਰਟ ਨੂੰ ਇਹ ਵੀ ਦੱਸਿਆ ਕਿ ਹਵਾਰਾ ਉੱਚ ਜੋਖਮ ਵਾਲੇ ਕੈਦੀਆਂ ਦੀ ਸ਼੍ਰੇਣੀ ਵਿਚ ਆਉਂਦਾ ਹੈ, ਇਸ ਲਈ ਉਸ ਨੂੰ ਪੰਜਾਬ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਸੀਨੀਅਰ ਵਕੀਲ ਐੱਸ. ਮੁਰਲੀਧਰ ਨੂੰ ਕਿਹਾ ਕਿ ਏਜੰਸੀ ਦੀ ਰਿਪੋਰਟ ਬੇਹੱਦ ਗੰਭੀਰ ਹੈ। ਇਸ ’ਤੇ ਮੁਰਲੀਧਰ ਨੇ ਕਿਹਾ ਕਿ ਜੇਕਰ ਚੋਣਾਂ ਨੂੰ ਲੈ ਕੇ ਚਿੰਤਾ ਹੈ ਤਾਂ ਇਸ ਮਾਮਲੇ ’ਤੇ ਤਿੰਨ ਮਹੀਨਿਆਂ ਬਾਅਦ ਵਿਚਾਰ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਅਗਲੇ ਸਾਲ ਫਰਵਰੀ ਵਿਚ ਸੁਣਵਾਈ ਲਈ ਸੂਚੀਬੱਧ ਕੀਤਾ। ਪੰਜਾਬ ਦੀ 117 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਉਹ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕੀਤੇ ਜਾਣ ਦੀ ਹਵਾਰਾ ਦੀ ਪਟੀਸ਼ਨ ’ਤੇ ਖ਼ੁਫ਼ੀਆ ਬਿਊਰੋ (ਆਈ. ਬੀ.) ਤੋਂ ਰਾਇ ਲਵੇ। ਬੱਬਰ ਖਾਲਸਾ ਦਾ ਇਹ ਅੱਤਵਾਦੀ, ਅਗਸਤ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

