Jalandhar Police on alert ahead of Assembly elections; search operations intensified across the city, including at the railway station and bus stand
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਪੁਲਸ ਅਲਰਟ, ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ਸਣੇ ਸ਼ਹਿਰ ’ਚ ਤਲਾਸ਼ੀ ਮੁਹਿੰਮ ਤੇਜ਼
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਸ ਟੀਮਾਂ ਨੇ ਜਲੰਧਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਸਥਾਨਕ ਮੁਹੱਲਾ ਆਬਾਦਪੁਰਾ ਅਤੇ ਸਥਾਨਕ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਥਾਵਾਂ ’ਤੇ ਵੀ ਸਰਚ ਕੀਤੀ ਗਈ। ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਨੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਪਹੁੰਚ ਕੇ ਯਾਤਰੀਆਂ ਦੇ ਸਾਮਾਨ, ਸ਼ੱਕੀ ਵਿਅਕਤੀਆਂ ਅਤੇ ਆਸ-ਪਾਸ ਦੇ ਖੇਤਰਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਜਨਤਕ ਆਵਾਜਾਈ ਦੇ ਹੋਰ ਸਾਧਨਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵੀ ਪੁਲਸ ਦੀ ਨਿਗਰਾਨੀ ਵਧਾਈ ਗਈ ਹੈ। ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੁਲਸ ਰੋਜ਼ਾਨਾ ਵੱਖ-ਵੱਖ ਖੇਤਰਾਂ ’ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਇਸ ਤਹਿਤ ਸ਼ਹਿਰ ਦੇ ਪ੍ਰਮੁੱਖ ਚੌਕਾਂ, ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਪੁਲਸ ਦੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਸ਼ਹਿਰ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਯਮਤ ਤੌਰ ’ਤੇ ਜਾਂਚ ਮੁਹਿੰਮ ਜਾਰੀ ਰੱਖੀ ਜਾਵੇ। ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਅਤੇ ਗਸ਼ਤ ਵੀ ਤੇਜ਼ ਕੀਤੀ ਜਾ ਰਹੀ ਹੈ। ਜਲੰਧਰ ਪੁਲਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ’ਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਆਉਣ ਵਾਲੇ ਦਿਨਾਂ ’ਚ ਵੀ ਅਜਿਹੀਆਂ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

