Jaspreet Kaur, a daughter of Punjab, has created history by securing the top position nationwide in the ITI Electrical trade
ਪੰਜਾਬ ਦੀ ਧੀ ਜਸਪ੍ਰੀਤ ਕੌਰ ਨੇ ਰਚਿਆ ਇਤਿਹਾਸ, ITI ਇਲੈਕਟ੍ਰੀਕਲ ਟਰੇਡ ’ਚ ਦੇਸ਼ ਭਰ ’ਚੋਂ ਅੱਵਲ
ਮਾਨਸਾ (ਆਵਾਜ਼ਿ ਕੌਮ ਬਿਊਰੋ)- ਮਾਨਸਾ ਦੀ ਸਰਕਾਰੀ ITI ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਨੈਸ਼ਨਲ ਪੱਧਰ ‘ਤੇ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਜਸਪ੍ਰੀਤ ਕੌਰ ਅਤੇ ਉਸ ਦੇ ਇੰਸਟ੍ਰਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀ ਉਪਲਬਧੀ ਹਾਸਲ ਕੀਤੀ ਹੈ, ਜਿਸ ਨਾਲ ਪੂਰੇ ਸੂਬੇ ਦਾ ਮਾਣ ਵਧਿਆ ਹੈ। ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ITI), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਨੇ ਇਲੈਕਟ੍ਰੀਕਲ ਟਰੇਡ ਵਿੱਚ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਲੈਕਟ੍ਰੀਕਲ ਅਤੇ ਤਕਨੀਕੀ ਖੇਤਰਾਂ ਵਿੱਚ ਆਮ ਤੌਰ ‘ਤੇ ਮੁੰਡਿਆਂ ਦੀ ਗਿਣਤੀ ਵੱਧ ਦੇਖਣ ਨੂੰ ਮਿਲਦੀ ਹੈ, ਪਰ ਜਸਪ੍ਰੀਤ ਦੀ ਇਸ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਲੜਕੀਆਂ ਵੀ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੀਆਂ ਹਨ। ਜਸਪ੍ਰੀਤ ਕੌਰ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਸ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਇੰਸਟ੍ਰਕਟਰ ਗੁਰਬਿੰਦਰ ਸਿੰਘ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਮੰਤਰੀ ਨੇ ਜਸਪ੍ਰੀਤ ਦੇ ਮਾਪਿਆਂ, ITI ਮਾਨਸਾ ਦੇ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧੀ ਨੇ ਕੌਮੀ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਵੀ ਜਸਪ੍ਰੀਤ ਦੀ ਪ੍ਰਾਪਤੀ ਨੂੰ ਵਿਭਾਗ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ITI ਸੰਸਥਾਵਾਂ ਵਿੱਚ ਆਧੁਨਿਕ ਮਸ਼ੀਨਾਂ, ਬਿਹਤਰ ਬੁਨਿਆਦੀ ਢਾਂਚੇ ਅਤੇ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਸਿਲੇਬਸ ਉਪਲਬਧ ਕਰਵਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦਾ ਮਕਸਦ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕਿਆਂ ਲਈ ਤਿਆਰ ਕਰਨਾ ਹੈ।

