ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਦਲੇ, ਗਿਆਨੀ ਕੁਲਦੀਪ ਸਿੰਘ ਨਵੇਂ ਜਥੇਦਾਰ ਨਿਯੁਕਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮਹੱਤਵਪੂਰਨ ਮੀਟਿੰਗ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾ ਦਿੱਤਾ ਗਿਆ ਹੈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ, ਇਹ ਫੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਵੀ ਉਨ੍ਹਾਂ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ; ਹੁਣ ਉਹ ਸਿਰਫ਼ ਹੈਡ ਗਰੰਥੀ ਵਜੋਂ ਕੰਮ ਕਰਦੇ ਰਹਿਣਗੇ। ਨਵੇਂ ਜਥੇਦਾਰਾਂ ਦੀ ਨਿਯੁਕਤੀ ਵਿੱਚ, ਗਿਆਨੀ ਕੁਲਦੀਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਹਾਲਾਂਕਿ ਇਸ ਫੈਸਲੇ ਦੇ ਪਿੱਛੇ ਕਾਰਨ ਸਪਸ਼ਟ ਨਹੀਂ ਹਨ, ਪਰ ਸਮਝਿਆ ਜਾ ਰਿਹਾ ਹੈ ਕਿ ਇਹ ਕਦਮ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਧਾਰਮਿਕ ਸਜ਼ਾ ਨਾਲ ਜੁੜਿਆ ਹੋ ਸਕਦਾ ਹੈ। ਇਸ ਤੋਂ ਪਹਿਲਾਂ, ਗਿਆਨੀ ਰਘਬੀਰ ਸਿੰਘ ਨੇ ਇਸ ਸੰਭਾਵਿਤ ਫੈਸਲੇ ਬਾਰੇ ਟਿੱਪਣੀ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਆਪਣੇ ਕੱਪੜੇ ਬੈਗ ਵਿੱਚ ਪਾਏ ਹੋਏ ਹਨ, ਸੰਕੇਤ ਦੇਂਦੇ ਹੋਏ ਕਿ ਉਹ ਇਸ ਤਬਦੀਲੀ ਲਈ ਤਿਆਰ ਹਨ। ਹੁਣ ਉਹ ਸਿਰਫ਼ ਸ੍ਰੀ ਦਰਬਾਰ ਸਾਹਿਬ ਦੇ ਹੈਡ ਗਰੰਥੀ ਰਹਿ ਗਏ ਹਨ। ਇਸ ਮੀਟਿੰਗ ਵਿੱਚ ਸ਼ਾਮਲ ਵਿਰੋਧੀ ਧਿਰਾਂ ਦੇ ਤਿੰਨ ਮੈਂਬਰਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ।