Joint action by Punjab Police and BSF: 24-hour surveillance ordered in border area, watch for suspicious activities
ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ ‘ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ
ਜਲੰਧਰ/ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਨਸ਼ੇ ਦੀ ਸਮੱਗਲਿੰਗ, ਡਰੋਨ ਗਤੀਵਿਧੀਆਂ ਅਤੇ ਸੰਗਠਿਤ ਅਪਰਾਧ ’ਤੇ ਪ੍ਰਭਾਵਸ਼ਾਲੀ ਰੋਕ ਲਾਉਣ ਲਈ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ’ਤੇ ਸੁਰੱਖਿਆ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਹਾ ਹੈ। ਇਸੇ ਲੜੀ ਤਹਿਤ ਬਾਰਡਰ ਰੇਂਜ ਅੰਮ੍ਰਿਤਸਰ ਦੇ ਆਈ. ਜੀ. ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਨਾਲ ਸਰਹੱਦੀ ਸੁਰੱਖਿਆ ਅਤੇ ਐਂਟੀ-ਡਰੋਨ ਅਪ੍ਰੇਸ਼ਨਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸਰਹੱਦੀ ਖੇਤਰ ’ਚ 24 ਘੰਟੇ ਨਿਗਰਾਨੀ, ਸ਼ੱਕੀ ਗਤੀਵਿਧੀਆਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਕਿਸੇ ਵੀ ਸੰਭਾਵੀ ਡਰੋਨ ਹਰਕਤ ਦੀ ਸੂਚਨਾ ਮਿਲਣ ’ਤੇ ਤੁਰੰਤ ਪ੍ਰਤੀਕਿਰਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਵਿਚਕਾਰ ਬਿਹਤਰ ਤਾਲਮੇਲ ਦੇ ਜ਼ਰੀਏ ਸਰਹੱਦ ਪਾਰੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਅਤੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਸਾਂਝੀ ਨਿਗਰਾਨੀ ਅਤੇ ਕਾਰਵਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਸਰਹੱਦੀ ਇਲਾਕਿਆਂ ’ਚ ਐਂਟੀ-ਡਰੋਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਡਰੋਨ ਜ਼ਰੀਏ ਸੰਭਾਵੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੇ ਜਵਾਨਾਂ ਨੂੰ ਚੌਕਸੀ ਨਾਲ ਡਿਊਟੀ ਨਿਭਾਉਣ ਅਤੇ ਸਰਹੱਦੀ ਖੇਤਰਾਂ ਦੀ ਸੁਰੱਖਿਆ-ਵਿਵਸਥਾ ਨੂੰ 24 ਘੰਟੇ ਪ੍ਰਭਾਵਸ਼ਾਲੀ ਬਣਾਈ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ।

