ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨਾਲੋਂ ਤੋੜੇ ਸਬੰਧ

24 ਫ਼ਰਵਰੀ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨਾਲ ਆਪਣੇ ਸਾਰੇ ਸਬੰਧ ਖਤਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਨੂੰ ਲਿਖਤੀ ਪੱਤਰ ਵਿੱਚ ਕਿਹਾ ਕਿ ਉਹ ਪਾਰਟੀ ਵਿੱਚ ਸਟੇਟ ਡੈਲੀਗੇਟ ਵਜੋਂ ਸ਼ਾਮਲ ਹੋਏ ਸਨ ਅਤੇ ਡੈਲੀਗੇਟ ਦੀ ਭੂਮਿਕਾ ਪ੍ਰਧਾਨ ਦੀ ਚੋਣ ਤੱਕ ਸੀਮਿਤ ਹੁੰਦੀ ਹੈ, ਜਿਸ ਨੂੰ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਨਿਭਾਇਆ।
ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਪ੍ਰਧਾਨ ਦੀ ਚੋਣ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਨੂੰ ਕਿਸੇ ਵੀ ਪਲੇਟਫਾਰਮ ‘ਤੇ ਕੰਮ ਕਰਨ ਲਈ ਕੋਈ ਜ਼ਿੰਮੇਵਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਿੱਚ ਮੌਜੂਦ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਜਾਤੀ, ਜਮਾਤੀ ਅਤੇ ਸਮਾਜਿਕ ਤੌਰ ‘ਤੇ ਕਾਫ਼ੀ ਨੁਕਸਾਨ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਵੀ ਭਾਰੀ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਪੰਥਕ ਅਤੇ ਪਾਰਟੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਕਾਫ਼ੀ ਸਮੇਂ ਤੱਕ ਸਭ ਕੁਝ ਸਹਿੰਦੇ ਰਹੇ, ਪਰ ਮਿਤੀ 22 ਫ਼ਰਵਰੀ 2026 ਨੂੰ ਵਾਪਰੀ ਇੱਕ ਘਟਨਾ ਨੇ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ।
ਪੰਜੋਲੀ ਨੇ ਕਿਹਾ ਕਿ ਉਨ੍ਹਾਂ ਕੋਲ ਪਾਰਟੀ ਦਾ ਕੋਈ ਅਹੁਦਾ ਨਹੀਂ ਸੀ ਜਿਸ ਤੋਂ ਉਹ ਅਸਤੀਫਾ ਦੇ ਸਕਣ, ਇਸ ਲਈ ਹੁਣ ਤੋਂ ਉਨ੍ਹਾਂ ਨੂੰ ਪਾਰਟੀ ਦਾ ਹਿੱਸਾ ਨਾ ਸਮਝਿਆ ਜਾਵੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾ ਸਮਾਂ ਉਹ ਪਾਰਟੀ ਨਾਲ ਜੁੜੇ ਰਹੇ, ਉਸ ਦੌਰਾਨ ਮਿਲੇ ਸਹਿਯੋਗ ਲਈ ਉਹ ਧੰਨਵਾਦੀ ਹਨ।
ਇਸ ਐਲਾਨ ਨਾਲ ਅਕਾਲੀ ਦਲ (ਪੁਨਰ ਸਰਜੀਤ) ਵਿੱਚ ਇੱਕ ਵੱਡੀ ਗੈਰਹਾਜ਼ਰੀ ਵਾਪਰ ਗਈ ਹੈ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

