Major fire breaks out in Jalandhar on Diwali; man dies a painful death
ਦੀਵਾਲੀ ਮੌਕੇ ਜਲੰਧਰ ‘ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਦੀਵਾਲੀ ਦੀ ਦੇਰ ਰਾਤ ਜਲੰਧਰ ਦੇ ਨਿਜ਼ਾਤਮ ਨਗਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ ਤੇ ਘਰ ਦੇ ਅੰਦਰ ਮੌਜੂਦ ਵਿਅਕਤੀ ਦੀ ਝੁਲਸਣ ਕਾਰਨ ਮੌਤ ਹੋ ਗਈ। ਫ਼ਿਲਹਾਲ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ, ਦੀਵਾਲੀ ਦੀ ਰਾਤ ਜਦੋਂ ਲੋਕਾਂ ਵੱਲੋਂ ਆਤਿਸ਼ਬਾਜ਼ੀ ਕੀਤੀ ਜਾ ਰਹੀ ਸੀ, ਉਸ ਵੇਲੇ ਨਿਜ਼ਾਤਮ ਨਗਰ ਵਿੱਚ ਸਥਿਤ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਉਸ ਘਰ ਦੇ ਅੰਦਰ ਇਕ ਬਜ਼ੁਰਗ ਵਿਅਕਤੀ, ਜੋ ਕਿ ਲਕਵੇ ਤੋਂ ਪੀੜਤ ਦੱਸਿਆ ਜਾ ਰਿਹਾ ਹੈ, ਦੀ ਝੁਲ਼ਸਣ ਕਾਰਨ ਮੌਤ ਹੋ ਗਈ। ਘਰ ਦੇ ਅੰਦਰੋਂ ਧੂੰਆਂ ਨਿਕਲਣ ‘ਤੇ ਆਲੇ-ਦੁਆਲੇ ਦੇ ਲੋਕ ਮਦਦ ਲਈ ਅੱਗੇ ਆਏ ਤੇ ਫ਼ਾਇਰ ਬ੍ਰਿਗੇਡ ਨੂੰ ਵੀ ਇਸ ਦੀ ਸੂਚਨਾ ਦਿੱਤੀ। ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ, ਪਰ ਘਰ ਦੇ ਅੰਦਰ ਮੌਜੂਦ ਵਿਅਕਤੀ ਦੀ ਜਾਨ ਨਹੀਂ ਬਚਾਈ ਜਾ ਸਕੀ। ਘਟਨਾ ਦੀ ਸੂਚਨਾ ਮਿਲਣ ‘ਤੇ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਵੀ ਮੌਕੇ ‘ਤੇ ਪਹੁੰਚੇ ਤੇ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਪਰਿਵਾਰ ਦੀ ਮਾਲੀ ਹਾਲਤ ਬਹੁਤ ਖ਼ਰਾਬ ਹੈ ਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸਵੇਰੇ ਡਿਪਟੀ ਕਮਿਸ਼ਨਰ ਨਾਲ ਇਸ ਬਾਰੇ ਗੱਲ ਕਰਨਗੇ।

